Home ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਤਿੰਨ ਪਿੰਡਾਂ ਦੇ 1,358 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

1,358 Families from Three Lehra Villages Receive Property Cards Under ‘Mera Ghar Mere Naam’ Campaign

0
ਅਗਲੇ ਪੜਾਅ ਵਿੱਚ 18 ਹੋਰ ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ

ਲਹਿਰਾਗਾਗਾ (ਸੰਗਰੂਰ), 19 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਧਾਨ ਸਭਾ ਹਲਕੇ ਦੇ ਪਿੰਡ ਰੋੜੇਵਾਲਾ, ਜਲੂਰ ਅਤੇ ਰਾਏਧਰਾਣਾ ਵਿੱਚ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 1,358 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਪਿੰਡ ਰਾਏਧਰਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾ ਰਹੀ ਹੈ। ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਗੋਇਲ ਨੇ ਕਿਹਾ ਕਿ ਕਈ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਜਾਇਦਾਦ ਨਾਲ ਸਬੰਧਤ ਕੰਮਾਂ ਵਿੱਚ ਦਿੱਕਤ ਆਉਂਦੀ ਸੀ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਦੇ ਹੱਕਾਂ ਦਾ ਸਪੱਸ਼ਟ ਦਸਤਾਵੇਜ਼ ਮਿਲਿਆ ਹੈ। ਇਸ ਨਾਲ ਜਾਇਦਾਦ ਅੱਗੇ ਤਬਦੀਲ ਕਰਨ ਅਤੇ ਲੋੜ ਪੈਣ ’ਤੇ ਬੈਂਕ ਕਰਜ਼ੇ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਵਿੱਚ ਵੀ ਸਹੂਲਤ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਪ੍ਰਾਪਰਟੀ ਕਾਰਡ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਤੱਕ ਕਰੀਬ 12 ਤੋਂ 15 ਪਿੰਡਾਂ ਦੇ ਲਾਭਪਾਤਰੀਆਂ ਨੂੰ ਕਾਰਡ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ 18 ਹੋਰ ਪਿੰਡਾਂ ਦੇ ਤਿਆਰ ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਯੋਗ ਪਰਿਵਾਰਾਂ ਨਾਲ ਸਬੰਧਤ ਕਾਰਵਾਈ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਵਿਕਾਸ ਕਾਰਜਾਂ ਬਾਰੇ ਵਿਰੋਧੀ ਪਾਰਟੀਆਂ ਦੀ ਨੁਕਤਾਚੀਨੀ ਸਬੰਧੀ ਸਵਾਲ ਦੇ ਜਵਾਬ ਵਿੱਚ ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਲੋਕਾਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਖੇਡ ਸਟੇਡੀਅਮਾਂ ਦੇ ਉਦਘਾਟਨ ਮੌਕੇ ਵੀ ਵਿਰੋਧੀ ਧਿਰ ਦੇ ਕੁਝ ਆਗੂ ਵੀਡੀਓਜ਼ ਬਣਾ ਕੇ ਕਮੀਆਂ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ, “ਅਸੀਂ ਕੰਮ ਕਰਨ ਲਈ ਆਏ ਸੀ, ਕੰਮ ਕੀਤਾ ਹੈ, ਕਰ ਰਹੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ।” ਉਨ੍ਹਾਂ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣਾ ਸਰਕਾਰ ਦੀ ਤਰਜੀਹ ਹੈ।

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਸਵਾਲ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਇੱਕ ਪਾਸੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਗੱਠਜੋੜ ਬਾਰੇ ਚਰਚਾ ਜਾਰੀ ਹੈ। ਉਨ੍ਹਾਂ ਹੋਰ ਸਿਆਸੀ ਧੜਿਆਂ ਦੇ ਸੰਭਾਵੀ ਸਮਝੌਤਿਆਂ ਬਾਰੇ ਕਿਹਾ ਕਿ ਕੁਝ ਆਗੂਆਂ ਵਿਚਾਲੇ ਹੋਇਆ ਸਮਝੌਤਾ ਪੰਜਾਬ ਦੇ ਲੋਕਾਂ ਦੀ ਰਾਇ ਦਾ ਬਦਲ ਨਹੀਂ ਹੋ ਸਕਦਾ।
ਲੋਕਾਂ ਨੇ ਕੰਮਾਂ ਦੇ ਅਧਾਰ ‘ਤੇ ਵੋਟਾਂ ਪਾਉਣੀਆਂ ਹਨ ਨਾ ਕਿ ਗੱਲਾਂ ਦੇ ਅਧਾਰ ‘ਤੇ ਵੋਟਾਂ ਪਾਉਣੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ ਕਾਲ ਦੌਰਾਨ ਐਨਾ ਕੰਮ ਕੀਤਾ ਹੈ, ਜਿੰਨਾ ਪਿਛਲੀਆਂ ਸਰਕਾਰਾਂ ਨੇ 70-75 ਸਾਲ ਵਿੱਚ ਨਹੀਂ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਤਿੰਨਾਂ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Exit mobile version