ਖਨੌਰੀ/ ਸੰਗਰੂਰ, 6 ਅਕਤੂਬਰ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਫ਼ਸਲ ਦੀ ਆਮਦ ਤੋਂ ਲੈ ਕੇ ਖ਼ਰੀਦ, ਚੁਕਾਈ ਅਤੇ ਅਦਾਇਗੀ ਤੱਕ ਹਰ ਪੜਾਅ ’ਤੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਵਿਚਕਾਰ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਹੋਣ ਨਾਲ ਮੰਡੀ ਵਿੱਚ ਹੋਰ ਫ਼ਸਲ ਲਿਆਉਣ ਵਾਲੇ ਕਿਸਾਨਾਂ ਲਈ ਥਾਂ ਉਪਲਬਧ ਰਹਿੰਦੀ ਹੈ ਅਤੇ ਖ਼ਰੀਦ ਦਾ ਕੰਮ ਬਿਨਾਂ ਰੁਕਾਵਟ ਜਾਰੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਅਤੇ ਚੁਕਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਲੰਮਾ ਸਮਾਂ ਉਡੀਕ ਨਾ ਕਰਨੀ ਪਵੇ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੰਡੀ ਵਿੱਚ ਪੀਣ ਵਾਲੇ ਸਾਫ਼ ਪਾਣੀ, ਰੌਸ਼ਨੀ, ਸਫ਼ਾਈ ਅਤੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ, ਮਜ਼ਦੂਰਾਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਵਿਅਕਤੀਆਂ ਦੀਆਂ ਸਹੂਲਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
ਕਿਸਾਨਾਂ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਫ਼ਸਲ ਲਿਆਉਣ ਨਾਲ ਖ਼ਰੀਦ ਵਿੱਚ ਦੇਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਕਿਸਾਨਾਂ ਦਾ ਸਮਾਂ ਵੀ ਬਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਢੁਕਵੇਂ ਸਮੇਂ ’ਤੇ ਕਰਨ ਅਤੇ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਸ੍ਰੀ ਗੋਇਲ ਨੇ ਕਿਹਾ ਕਿ ਝੋਨੇ ਦਾ ਖ਼ਰੀਦ ਸੀਜ਼ਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਅਤੇ ਖ਼ਰੀਦ ਏਜੰਸੀਆਂ ਦੇ ਸਾਂਝੇ ਸਹਿਯੋਗ ਨਾਲ ਸਫ਼ਲਤਾਪੂਰਵਕ ਨੇਪਰੇ ਚੜ੍ਹਦਾ ਹੈ।
ਉਨ੍ਹਾਂ ਸਮੂਹ ਧਿਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਉਨ੍ਹਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਜੋਗੀ ਰਾਮ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਆੜ੍ਹਤੀ ਅਸੋਸੀਏਸ਼ਨ ਦੇ ਪ੍ਰਧਾਨ ਸੱਤ ਪਾਲ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਗਿਰਧਾਰੀ ਲਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ ਤੋਂ ਇਲਾਵਾ ਸਮੂਹ ਆੜ੍ਹਤੀ ਸਮੂਹ ਸ਼ੈਲਰ ਐਸੋਸੀਏਸ਼ਨ ਸਮੂਹ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।







