Homeਪੰਜਾਬਹਲਕਾ ਲਹਿਰਾ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇਣ ’ਤੇ ਕੈਬਨਿਟ ਮੰਤਰੀ...

ਹਲਕਾ ਲਹਿਰਾ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇਣ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Cabinet Minister Barinder Kumar Goyal thanks CM Bhagwant Singh Mann for allocating funds for village development in Lehra constituency.

ਲਹਿਰਾਗਾਗਾ/ ਸੰਗਰੂਰ, 12 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੱਲਰਾਂ ਅਤੇ ਲਹਿਲ ਖੁਰਦ ਦੇ ਵਿਕਾਸ ਲਈ ਕੁੱਲ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਰਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵੱਲੋਂ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ ਦੇ ਗ੍ਰਾਂਟ ਚੈੱਕ ਸੌਂਪਣ ਨਾਲ ਦੋਵਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਅਤੇ ਵਿਕਾਸ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨਾਲ ਇਲਾਕੇ ਦੇ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਮੈਂ ਸਮੂਹ ਹਲਕਾ ਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਪਿੰਡ ਬੱਲਰਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਬੱਲਰਾਂ ਤੇ ਲਹਿਲ ਖੁਰਦ ਦੇ ਵਿਕਾਸ ਲਈ ਗ੍ਰਾਂਟਾਂ ਦੇ ਕੇ ਪੇਂਡੂ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਗ੍ਰਾਂਟਾਂ ਦੇ ਰੂਪ ਵਿਚ ਕੀਤੀ ਇਹ ਪਹਿਲਕਦਮੀ ਪਿੰਡਾਂ ਦੀਆਂ ਲੋੜਾਂ ਅਨੁਸਾਰ ਕੰਮ ਅੱਗੇ ਵਧਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਵਿੱਚ ਅਹਿਮ ਯੋਗਦਾਨ ਪਾਵੇਗੀ।” ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਪਾਣੀ ਦੀ ਨਿਕਾਸੀ, ਸਾਫ਼-ਸਫ਼ਾਈ ਅਤੇ ਹੋਰ ਸਾਂਝੀਆਂ ਸਹੂਲਤਾਂ ਨਾਲ ਸਬੰਧਤ ਲੋੜਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਜਾਰੀ ਗ੍ਰਾਂਟਾਂ ਦੀ ਪਾਰਦਰਸ਼ੀ ਤੇ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਾਲ ਉਸਾਰੀ ਦੀ ਗੁਣਵੱਤਾ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਦੇ ਨਾਲ-ਨਾਲ ਨਹਿਰੀ ਸਿੰਜਾਈ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣਾ ਵੀ ਸਰਕਾਰ ਦੇ ਮੁੱਖ ਉਦੇਸ਼ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਅਤੇ ਸਿੰਜਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਖੇਤੀਬਾੜੀ ਨਾਲ ਜੁੜੇ ਪਰਿਵਾਰਾਂ ਲਈ ਅਹਿਮ ਹਨ। ਹਲਕਾ ਲਹਿਰਾ ਦੇ ਕਿਸਾਨਾਂ ਦੀਆਂ ਸਿੰਜਾਈ ਨਾਲ ਸਬੰਧਤ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸਬੰਧਤ ਵਿਭਾਗਾਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧੇ ਸੰਵਾਦ ਦਾ ਅਹਿਮ ਮਾਧਿਅਮ ਹਨ। ਇਨ੍ਹਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਇਲਾਕੇ ਦੀਆਂ ਲੋੜਾਂ ਬਾਰੇ ਜਾਣਕਾਰੀ ਮਿਲਦੀ ਹੈ, ਜਿਸ ਨਾਲ ਵਿਕਾਸ ਕਾਰਜਾਂ ਦੀਆਂ ਤਰਜੀਹਾਂ ਨਿਰਧਾਰਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਕੰਮ ਕਰਨ ਵਿੱਚ ਮਦਦ ਮਿਲਦੀ ਹੈ।
ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਵਿੱਚ ਉਤਸ਼ਾਹ ਨਾਲ ਸ਼ਾਮਲ ਹੋਏ ਲੋਕਾਂ, ਖ਼ਾਸ ਕਰਕੇ ਮਾਵਾਂ, ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਦਾ ਪਿਆਰ, ਭਰੋਸਾ ਅਤੇ ਸਹਿਯੋਗ ਉਨ੍ਹਾਂ ਨੂੰ ਲੋਕ ਸੇਵਾ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ, “ਹਲਕਾ ਲਹਿਰਾ ਦੇ ਲੋਕਾਂ ਨੇ ਸਾਨੂੰ ਜੋ ਪਿਆਰ ਅਤੇ ਸਮਰਥਨ ਦਿੱਤਾ ਹੈ, ਉਸ ਲਈ ਮੈਂ ਹਰ ਪਿੰਡ ਅਤੇ ਹਰ ਪਰਿਵਾਰ ਦਾ ਧੰਨਵਾਦੀ ਹਾਂ। ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਾ ਮੇਰਾ ਫ਼ਰਜ਼ ਹੈ। ਤੁਹਾਡੇ ਸਹਿਯੋਗ ਨਾਲ ਹਲਕੇ ਦੇ ਵਿਕਾਸ ਨੂੰ ਹੋਰ ਅੱਗੇ ਲੈ ਕੇ ਜਾਵਾਂਗੇ ਅਤੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਨਿਰੰਤਰ ਕੰਮ ਕਰਦੇ ਰਹਾਂਗੇ।” ਕੈਬਨਿਟ ਮੰਤਰੀ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਸਕਦੀ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਲਹਿਰਾ ਦੀਆਂ ਜ਼ਰੂਰਤਾਂ ਨੂੰ ਪੰਜਾਬ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਂਦਾ ਰਹੇਗਾ ਅਤੇ ਲੋਕਾਂ ਦੀ ਭਲਾਈ ਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments