Homeਪੰਜਾਬਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

₹3.75 crore in grants allocated to accelerate all-round development across villages in Dirba constituency.

ਦਿੜ੍ਹਬਾ/ਸੁਨਾਮ, 31 ਅਗਸਤ, 2026 (ਰਾਜੇਸ਼ ਕੁਮਾਰ) : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਛਾਜਲੀ, ਉਗਰਾਹਾਂ, ਮੈਦੇਵਾਸ, ਜਖੇਪਲ, ਹੰਬਲਵਾਸ, ਧਾਲੀਵਾਲਵਾਸ, ਫਲੇੜਾ ਅਤੇ ਖਨਾਲ ਖੁਰਦ ਵਿਖੇ ਪਹੁੰਚ ਕੇ ਪੰਚਾਇਤਾਂ, ਪਤਵੰਤਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਥਾਨਕ ਪੱਧਰ ਦੀਆਂ ਲੋੜਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮੰਗਾਂ ਵੀ ਸੁਣੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦੇ ਸਮਾਂਬੱਧ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਵੱਖ-ਵੱਖ ਪਿੰਡਾਂ ਵਿੱਚ ਪਹੁੰਚਣ ’ਤੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਗ੍ਰਾਂਟਾਂ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਛਾਜਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 01 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸੇ ਤਰ੍ਹਾਂ ਦਿੜ੍ਹਬਾ ਲਈ 45 ਲੱਖ ਰੁਪਏ, ਉਗਰਾਹਾਂ ਲਈ 35 ਲੱਖ ਰੁਪਏ, ਜਖੇਪਲ ਲਈ 45 ਲੱਖ ਰੁਪਏ, ਧਾਲੀਵਾਲਵਾਸ ਲਈ 32 ਲੱਖ ਰੁਪਏ, ਹੰਬਲਵਾਸ ਲਈ 40 ਲੱਖ ਰੁਪਏ, ਮੈਦੇਵਾਸ ਲਈ 10 ਲੱਖ ਰੁਪਏ, ਖਨਾਲ ਖੁਰਦ ਲਈ 46 ਲੱਖ ਰੁਪਏ ਅਤੇ ਫਲੇੜਾ ਲਈ 5 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਵੱਖ-ਵੱਖ ਪਿੰਡਾਂ ਨੂੰ ਦਿੱਤੀਆਂ ਗਈਆਂ ਵਿਕਾਸ ਗ੍ਰਾਂਟਾਂ ਦੀ ਕੁੱਲ ਰਾਸ਼ੀ 03 ਕਰੋੜ 75 ਲੱਖ ਰੁਪਏ ਬਣਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਗ੍ਰਾਂਟਾਂ ਪਿੰਡਾਂ ਵਿੱਚ ਲੋਕਾਂ ਦੀਆਂ ਤਰਜੀਹੀ ਲੋੜਾਂ ਮੁਤਾਬਕ ਵੱਖ-ਵੱਖ ਬੁਨਿਆਦੀ ਸਹੂਲਤਾਂ ਅਤੇ ਸਾਂਝੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਰਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਾ ਹੈ, ਜਿਨ੍ਹਾਂ ਦਾ ਲਾਭ ਪਿੰਡ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ ਅਤੇ ਪੇਂਡੂ ਵਸੋਂ ਦੇ ਜੀਵਨ ਪੱਧਰ ਵਿੱਚ ਸਾਰਥਕ ਸੁਧਾਰ ਆਵੇ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੇਂਡੂ ਖੇਤਰ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਏ ਬਿਨਾਂ ਸੂਬੇ ਦੇ ਸਮੁੱਚੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਖੇਡ ਸਹੂਲਤਾਂ, ਸਾਂਝੀਆਂ ਥਾਵਾਂ ਅਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਯੋਜਨਾਵਾਂ ਲੋਕਾਂ ਦੀਆਂ ਅਸਲ ਲੋੜਾਂ ਅਤੇ ਸਥਾਨਕ ਤਰਜੀਹਾਂ ਨੂੰ ਧਿਆਨ ਵਿੱਚ ਰੱਖ ਕੇ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਉਹ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਉਠਾਏ ਜਾਣ ਵਾਲੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦਿੜ੍ਹਬਾ ਹਲਕੇ ਵਿੱਚ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਬਾਕੀ ਰਹਿੰਦੀਆਂ ਲੋੜਾਂ ਨੂੰ ਵੀ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਹਰੇਕ ਪਿੰਡ ਵਿੱਚ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ, ਸੁਚੱਜੀ ਨਿਕਾਸੀ ਵਿਵਸਥਾ, ਬਿਹਤਰ ਸੜਕੀ ਸੰਪਰਕ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਜਨਤਕ ਸਹੂਲਤਾਂ ਉਪਲਬਧ ਹੋਣ। ਸ. ਚੀਮਾ ਨੇ ਪੰਚਾਇਤਾਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਹਰ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਕਾਸ ਕਾਰਜਾਂ ਲਈ ਦਿੱਤਾ ਜਾਣ ਵਾਲਾ ਪੈਸਾ ਲੋਕਾਂ ਦਾ ਪੈਸਾ ਹੈ ਅਤੇ ਇਸ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੀ ਬਿਹਤਰੀ ਲਈ ਹੀ ਖਰਚਿਆ ਜਾਣਾ ਚਾਹੀਦਾ ਹੈ। ਸਾਡੀ ਸਰਕਾਰ ਦੀ ਤਰਜੀਹ ਹੈ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਖਰਚ ਹੋਣ ਵਾਲੇ ਹਰੇਕ ਰੁਪਏ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ।” ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਕਿਸੇ ਤਕਨੀਕੀ ਜਾਂ ਪ੍ਰਸ਼ਾਸਕੀ ਅੜਚਣ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੋਵੇ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਨਜ਼ੂਰਸ਼ੁਦਾ ਵਿਕਾਸ ਕਾਰਜਾਂ ਨੂੰ ਬੇਲੋੜੀ ਦੇਰੀ ਤੋਂ ਬਿਨਾਂ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਜਲਦੀ ਤੋਂ ਜਲਦੀ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਪਿੰਡਾਂ ਅਤੇ ਸ਼ਹਿਰਾਂ ਵਿਚਕਾਰ ਬੁਨਿਆਦੀ ਸਹੂਲਤਾਂ ਦੇ ਪੱਧਰ ’ਤੇ ਮੌਜੂਦ ਅੰਤਰ ਨੂੰ ਘਟਾਉਣਾ ਹੈ। ਪੇਂਡੂ ਨੌਜਵਾਨਾਂ, ਬੱਚਿਆਂ, ਬਜ਼ੁਰਗਾਂ, ਕਿਸਾਨਾਂ ਅਤੇ ਹੋਰ ਵਰਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਸਮਾਜ ਦੇ ਹਰ ਵਰਗ ਤਕ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਹਤਰ ਸਹੂਲਤਾਂ ਮਿਲਣ ਨਾਲ ਨਾ ਸਿਰਫ਼ ਲੋਕਾਂ ਦਾ ਜੀਵਨ ਪੱਧਰ ਉੱਚਾ ਹੁੰਦਾ ਹੈ, ਸਗੋਂ ਨੌਜਵਾਨਾਂ ਲਈ ਵੀ ਅੱਗੇ ਵਧਣ ਵਾਸਤੇ ਬਿਹਤਰ ਮਾਹੌਲ ਸਿਰਜਿਆ ਜਾਂਦਾ ਹੈ। ਇਸੇ ਲਈ ਸਿੱਖਿਆ, ਸਿਹਤ, ਖੇਡਾਂ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਹੂਲਤਾਂ ਨੂੰ ਇੱਕੋ ਸਮੇਂ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਦਿੜ੍ਹਬਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਦੀਆਂ ਤਰਜੀਹੀ ਮੰਗਾਂ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਵਿਕਾਸ ਕਾਰਜ ਅਜੇ ਬਾਕੀ ਹਨ, ਉਨ੍ਹਾਂ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਦਿੜ੍ਹਬਾ ਹਲਕੇ ਦਾ ਹਰ ਪਿੰਡ ਮੇਰੇ ਲਈ ਬਰਾਬਰ ਹੈ। ਸਾਡਾ ਮਕਸਦ ਕਿਸੇ ਇੱਕ ਖੇਤਰ ਜਾਂ ਪਿੰਡ ਦਾ ਨਹੀਂ, ਸਗੋਂ ਸਮੁੱਚੇ ਹਲਕੇ ਦਾ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਕਰਨਾ ਹੈ। ਜਿੱਥੇ ਵੀ ਕਿਸੇ ਬੁਨਿਆਦੀ ਸਹੂਲਤ ਦੀ ਲੋੜ ਹੈ, ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ।”
ਸ. ਚੀਮਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਭਰੋਸਾ ਸਰਕਾਰ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਭਰੋਸੇ ’ਤੇ ਖਰਾ ਉਤਰਨ ਲਈ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਕੇਂਦਰ ਵਿੱਚ ਆਮ ਆਦਮੀ ਹੈ ਅਤੇ ਹਰ ਫ਼ੈਸਲਾ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਿਆ ਜਾ ਰਿਹਾ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ’ਤੇ ਗ੍ਰਾਂਟਾਂ ਮੁਹੱਈਆ ਕਰਵਾਉਣ ਲਈ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
 ਇਸ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments