Home ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ 2 ਕਰੋੜ ਦੀ ਲਾਗਤ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ 2 ਕਰੋੜ ਦੀ ਲਾਗਤ ਨਾਲ ਬਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਉਦਘਾਟਨ

Harpal Singh Cheema Inaugurates Dr. B.R. Ambedkar Community Hall in Dirba, Constructed at a Cost of ₹2 Crore.

0
7.5 ਕਰੋੜ ਤੋਂ ਵੱਧ ਦੀ ਲਾਗਤ ਨਾਲ ਤਿਆਰ ਅਤਿ-ਆਧੁਨਿਕ ਇਨਡੋਰ ਖੇਡ ਸਟੇਡੀਅਮ ਵੀ ਜਲਦ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 24 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ 02 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ’ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਹਾਲ ਵਿਸ਼ੇਸ਼ ਤੌਰ ’ਤੇ ਆਰਥਿਕ ਪੱਖੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗਾ।
ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਸਮਾਜ ਦੇ ਦੱਬੇ-ਕੁਚਲੇ, ਗਰੀਬ ਅਤੇ ਪੱਛੜੇ ਵਰਗਾਂ ਨੂੰ ਸਮਾਜਿਕ ਬਰਾਬਰੀ ਤੇ ਸਨਮਾਨ ਦਿਵਾਉਣ ਲਈ ਦਿੱਤਾ ਗਿਆ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ਾਂ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਕਮਿਊਨਿਟੀ ਹਾਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਹੁਣ ਆਪਣੇ ਬੱਚਿਆਂ ਦੇ ਵਿਆਹ-ਸ਼ਾਦੀਆਂ, ਸ਼ਗਨ ਸਮਾਰੋਹਾਂ ਅਤੇ ਹੋਰ ਖੁਸ਼ੀ-ਗਮੀ ਦੇ ਸਮਾਗਮਾਂ ਲਈ ਮਹਿੰਗੇ ਨਿੱਜੀ ਪੈਲੇਸਾਂ ਜਾਂ ਦੂਰ-ਦੁਰਾਡੇ ਥਾਵਾਂ ’ਤੇ ਜਾਣ ਦੀ ਲੋੜ ਨਹੀਂ ਪਵੇਗੀ। ਇਹ ਹਾਲ ਉਨ੍ਹਾਂ ਨੂੰ ਸੁਵਿਧਾਜਨਕ ਅਤੇ ਸਨਮਾਨਜਨਕ ਢੰਗ ਨਾਲ ਸਮਾਗਮ ਕਰਵਾਉਣ ਲਈ ਉਚਿਤ ਥਾਂ ਪ੍ਰਦਾਨ ਕਰੇਗਾ।
ਉਨ੍ਹਾਂ ਦੱਸਿਆ ਕਿ 02 ਕਰੋੜ ਦੀ ਲਾਗਤ ਨਾਲ ਬਣੇ ਇਸ ਆਧੁਨਿਕ ਕੰਪਲੈਕਸ ਵਿੱਚ 300 ਤੋਂ 500 ਵਿਅਕਤੀਆਂ ਦੇ ਇਕੱਠ ਲਈ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਕਮਿਊਨਿਟੀ ਹਾਲ ਵਿੱਚ ਦੋ ਕਮਰੇ, ਦਫ਼ਤਰ, ਬਾਥਰੂਮ, ਪਖਾਨੇ ਅਤੇ ਵਾਹਨਾਂ ਦੀ ਪਾਰਕਿੰਗ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਹਾਲ ਦੀ ਸਾਂਭ-ਸੰਭਾਲ ਅਤੇ ਸੁਚਾਰੂ ਪ੍ਰਬੰਧ ਸਥਾਨਕ ਕਮੇਟੀ ਵੱਲੋਂ ਕੀਤਾ ਜਾਵੇਗਾ ਤਾਂ ਜੋ ਲੋਕ ਲੰਮੇ ਸਮੇਂ ਤੱਕ ਇਸ ਸਹੂਲਤ ਦਾ ਲਾਭ ਲੈ ਸਕਣ। ਹਲਕਾ ਦਿੜ੍ਹਬਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ. ਚੀਮਾ ਨੇ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ, ਸੜਕੀ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਯੋਜਨਾਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਵਚਨਬੱਧਤਾ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਦਿੜ੍ਹਬਾ ਵਿਖੇ 7.5 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਅਤਿ-ਆਧੁਨਿਕ ਇਨਡੋਰ ਖੇਡ ਸਟੇਡੀਅਮ ਵੀ ਬਹੁਤ ਜਲਦ ਖਿਡਾਰੀਆਂ ਅਤੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਵਿੱਚ ਇੱਕੋ ਸਮੇਂ 11 ਵੱਖ-ਵੱਖ ਖੇਡਾਂ ਦੇ ਮੁਕਾਬਲੇ ਅਤੇ ਸਿਖਲਾਈ ਗਤੀਵਿਧੀਆਂ ਕਰਵਾਈਆਂ ਜਾ ਸਕਣਗੀਆਂ। ਇਹ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹਾਲ ਹੀ ਵਿੱਚ ਦਿੜ੍ਹਬਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਮੁਕਾਬਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਪਹੁੰਚੇ ਨਾਮਵਰ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਵੱਲੋਂ ਇੱਥੋਂ ਦੇ ਖੇਡ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਰਵਾਏ ਗਏ ਵਿਕਾਸ ਕਾਰਜਾਂ ਸਦਕਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣ ਚੁੱਕਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਦਿੜ੍ਹਬਾ ਵਾਸੀ ਹਾਜ਼ਰ ਸਨ।

Exit mobile version