ਪਟਿਆਲਾ, 15 ਅਗਸਤ, 2026 (ਗੁਰਮੀਤ ਸਿੰਘ ਤੁੰਗ) : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਇਤਿਹਾਸਕ ਪੋਲੋ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਅਸਾਧਾਰਣ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਜ ਦੀ ਪੀੜ੍ਹੀ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਇੱਕ ਖੁਸ਼ਹਾਲ, ਤੰਦਰੁਸਤ, ਨਸ਼ਾ-ਮੁਕਤ ਅਤੇ ਵਿਕਸਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ, ਕਿਸਾਨੀ, ਉਦਯੋਗ, ਸਿੱਖਿਆ, ਸਿਹਤ ਅਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣਾ ਹੈ।

ਉਨ੍ਹਾਂ ਆਜ਼ਾਦੀ ਸੰਘਰਸ਼ ਦੇ ਮਹਾਨ ਯੋਧਿਆਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਦਾ ਅਟੁੱਟ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਜਿਸ ਆਜ਼ਾਦ, ਨਿਆਂਪੂਰਨ ਅਤੇ ਬਰਾਬਰੀ ਵਾਲੇ ਭਾਰਤ ਦਾ ਸੁਪਨਾ ਦੇਖਿਆ ਸੀ, ਉਸ ਨੂੰ ਸਾਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸਾਬਕਾ ਸੈਨਿਕਾਂ ਅਤੇ ਸ਼ਹੀਦ ਪਰਿਵਾਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਵਾਰਸਾਂ ਅਤੇ ਵਿਸ਼ੇਸ਼ ਤੌਰ ’ਤੇ ਸ਼ਹੀਦ ਅਗਨੀਵੀਰਾਂ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਸਬੰਧੀ ਸਰਕਾਰ ਦੇ ਫੈਸਲੇ ਦਾ ਵੀ ਜ਼ਿਕਰ ਕੀਤਾ।ਸਮਾਗਮ ਦੌਰਾਨ ਜ਼ਿਲ੍ਹੇ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨਾ ਵੀ ਆਜ਼ਾਦੀ ਦਿਹਾੜੇ ਦੀਆਂ ਭਾਵਨਾਵਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਵਾਲਾ ਪਲ ਰਿਹਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਜ਼ਮੀਨ, ਮਿੱਟੀ ਅਤੇ ਧਰਤੀ ਹੇਠਲੇ ਪਾਣੀ ’ਤੇ ਪਏ ਦਬਾਅ ਦੇ ਬਾਵਜੂਦ ਦੇਸ਼ ਦੇ ਅਨਾਜ ਭੰਡਾਰ ਨੂੰ ਭਰਨ ਵਿੱਚ ਇਤਿਹਾਸਕ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦੀ ਕਮੀ ਦਰਜ ਕੀਤੀ ਗਈ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 1.58 ਲੱਖ ਮਸ਼ੀਨਾਂ ’ਤੇ 50 ਤੋਂ 80 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਗਈ। ਉਨ੍ਹਾਂ ਅਨੁਸਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾ ਕੇ 4 ਲੱਖ ਏਕੜ ਕੀਤਾ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 2.93 ਲੱਖ ਏਕੜ ਸੀ।
ਸ. ਖੁੱਡੀਆਂ ਨੇ ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਜਾ ਰਹੇ ਨਿਵੇਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਗਭਗ 7,200 ਕਰੋੜ ਰੁਪਏ ਖਰਚ ਕਰਕੇ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਵੱਲ ਕੰਮ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦਾ ਅਸਲ ਅਰਥ ਉਸ ਸਮੇਂ ਪੂਰਾ ਹੋਵੇਗਾ ਜਦੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ ਅਤੇ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮਿਲੇਗਾ। ਉਨ੍ਹਾਂ ਸਿਹਤ ਸੇਵਾਵਾਂ, ਆਮ ਆਦਮੀ ਕਲੀਨਿਕਾਂ, ਸਨਅਤ ਤੇ ਵਪਾਰ ਨੂੰ ਉਤਸ਼ਾਹਿਤ ਕਰਨ, ਸੜਕਾਂ ਅਤੇ ਲਿੰਕ ਸੜਕਾਂ ਦੇ ਨਵੀਨੀਕਰਨ, ਬਿਜਲੀ, ਸਾਫ਼ ਪੀਣ ਵਾਲਾ ਪਾਣੀ, ਪੇਂਡੂ ਵਿਕਾਸ, ਪ੍ਰਸ਼ਾਸਨਿਕ ਸੁਧਾਰ ਅਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿੱਖਿਆ, ਰੋਜ਼ਗਾਰ, ਖੇਡਾਂ ਅਤੇ ਹੁਨਰ ਵਿਕਾਸ ਨਾਲ ਜੋੜਨਾ ਵੀ ਸਰਕਾਰ ਦੀ ਨੀਤੀ ਦਾ ਅਹਿਮ ਹਿੱਸਾ ਹੈ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਤਾਕਤ ਕੇਵਲ ਇਸ ਦੀ ਜ਼ਮੀਨ ਅਤੇ ਖੇਤੀ ਨਹੀਂ, ਸਗੋਂ ਇਸ ਦੀ ਅਮੀਰ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਵੀ ਹੈ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਯਾਦਗਾਰੀ ਗਤੀਵਿਧੀਆਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।
ਸਮਾਗਮ ਵਿੱਚ ਪਰੇਡ ਕਮਾਂਡਰ ਡੀ.ਐੱਸ.ਪੀ. ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਪਟਿਆਲਾ ਪੁਲਿਸ, ਹੋਮ ਗਾਰਡਜ਼, ਐੱਨ.ਸੀ.ਸੀ., ਪਹਿਲੀ ਆਈ.ਆਰ.ਬੀ. ਦੇ ਪਾਈਪ ਬੈਂਡ, ਰੈੱਡ ਕਰਾਸ, ਸੇਂਟ ਜੌਨ ਐਂਬੂਲੈਂਸ ਬ੍ਰਿਗੇਡ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਮੀਰੀ-ਪੀਰੀ ਰਣਜੀਤ ਅਖਾੜਾ ਬੁੱਢਾ ਦਲ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਤਕੇ ਦੇ ਜੌਹਰ ਪੇਸ਼ ਕੀਤੇ ਗਏ। ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼-ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾਇਆ। ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵਿੱਚ ਸਿੱਖਿਆ, ਪੁਲਿਸ, ਸਿਹਤ, ਜੰਗਲਾਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਖੇਡਾਂ ਅਤੇ ਨਗਰ ਨਿਗਮ ਦੇ ਵਿਕਾਸ ਕਾਰਜਾਂ ਨੂੰ ਦਰਸਾਇਆ ਗਿਆ।
ਸਮਾਗਮ ਦੌਰਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ 7 ਲਾਭਪਾਤਰੀ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, 6 ਟ੍ਰਾਈਸਾਈਕਲ ਅਤੇ ਇੱਕ ਵ੍ਹੀਲਚੇਅਰ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹੀਦ ਪਰਿਵਾਰਾਂ ਅਤੇ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਕੇ ਆਈ.ਏ.ਐੱਸ. ਬਣਨ ਵਾਲੇ ਸਿਮਰਨਦੀਪ ਕੌਰ, ਰਸਨੀਤ ਕੌਰ ਅਤੇ ਜਯੰਤ ਗਰਗ ਦਾ ਵੀ ਸਨਮਾਨ ਕੀਤਾ ਗਿਆ। ਮੁੱਖ ਮਹਿਮਾਨ ਨੇ ਪਰੇਡ ਕਮਾਂਡਰ, ਪਲਟੂਨ ਕਮਾਂਡਰਾਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਟੀਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਵਾਣੀ ਇੰਟੀਗ੍ਰੇਟਿਡ ਸਕੂਲ ਫਾਰ ਡੈਫ਼ ਐਂਡ ਸਪੈਸ਼ਲ ਚਿਲਡਰਨ ਦੇ ਵਿਦਿਆਰਥੀਆਂ ਵੱਲੋਂ ਸਾਈਨ ਲੈਂਗੂਏਜ ਰਾਹੀਂ ਰਾਸ਼ਟਰੀ ਗਾਨ ਵਿੱਚ ਸ਼ਮੂਲੀਅਤ ਕਰਨਾ ਸਮਾਗਮ ਦਾ ਵਿਸ਼ੇਸ਼ ਅਤੇ ਭਾਵਨਾਤਮਕ ਪਲ ਰਿਹਾ।
ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੀ ਖੁਸ਼ੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17 ਅਗਸਤ, ਸੋਮਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ। ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ, ਸਿਆਸੀ ਆਗੂ, ਜਨਤਕ ਨੁਮਾਇੰਦੇ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ, ਯੂਨੀਵਰਸਿਟੀਆਂ ਦੇ ਉਪ-ਕੁਲਪਤੀ, ਨਿਆਂਪਾਲਿਕਾ ਦੇ ਅਧਿਕਾਰੀ, ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਅਹੁਦੇਦਾਰ, ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਮੌਜੂਦ ਸਨ। ਆਜ਼ਾਦੀ ਦਿਹਾੜੇ ਦਾ ਇਹ ਸਮਾਗਮ ਜਿੱਥੇ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਦਾ ਮੌਕਾ ਬਣਿਆ, ਉੱਥੇ ਪੰਜਾਬ ਦੇ ਵਿਕਾਸ, ਕਿਸਾਨੀ ਦੀ ਮਜ਼ਬੂਤੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਸੰਕਲਪ ਨੂੰ ਵੀ ਰੇਖਾਂਕਿਤ ਕਰ ਗਿਆ।