ਪਟਿਆਲਾ, 1 ਸਤੰਬਰ, 2026 (ਬਲਜੀਤ ਸਰਨ) : ਪਟਿਆਲਾ ਵਿੱਚ 16 ਸਾਲਾ ਨਾਬਾਲਿਗ ਬੱਚੀ ਨਾਲ ਕਥਿਤ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਐੱਫ.ਆਈ.ਆਰ. ਨੰਬਰ 242, ਮਿਤੀ 29 ਅਗਸਤ 2026 ਦਰਜ ਕੀਤੀ ਗਈ ਹੈ। ਮਾਮਲੇ ਵਿੱਚ BNS ਦੀਆਂ ਧਾਰਾਵਾਂ 74 ਅਤੇ 137(2) ਅਤੇ POCSO ਐਕਟ, 2012 ਦੀਆਂ ਧਾਰਾਵਾਂ 7 ਅਤੇ 8 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਦੋਸ਼ ਹੈ ਕਿ ਮੁਲਜ਼ਮ ਨਾਬਾਲਿਗ ਬੱਚੀ ਨੂੰ ਸਕੂਲ ਤੋਂ ਆਪਣੇ ਨਾਲ ਲੈ ਗਿਆ ਸੀ। ਇਸ ਤੋਂ ਬਾਅਦ ਉਹ ਉਸਨੂੰ ਇੱਕ ਪਾਰਕ ਵਿੱਚ ਲੈ ਗਿਆ, ਜਿੱਥੇ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਅਤੇ ਬੱਚੀ ਨਾਲ ਗਲਤ ਵਿਵਹਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਆਟੋ ਚਲਾਉਂਦਾ ਹੈ। ਉਹ ਮੂਲ ਰੂਪ ਵਿੱਚ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਸੁਖਰਾਮ ਕਲੋਨੀ, ਪਟਿਆਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚੀ ਨਾਲ ਸਬੰਧਤ ਮੈਡੀਕਲ ਅਤੇ ਹੋਰ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨਾਲ ਨਿਯਮਿਤ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਰੱਖਣ। ਪੁਲਿਸ ਨੇ ਕਿਹਾ ਕਿ ਜੇਕਰ ਕੋਈ ਬੱਚਾ ਕਿਸੇ ਤਰ੍ਹਾਂ ਦੀ ਪਰੇਸ਼ਾਨੀ, ਗਲਤ ਵਿਵਹਾਰ ਜਾਂ ਅਣਸੁਖਾਵੀਂ ਘਟਨਾ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।







