ਮਹਿਲਾਵਾਂ ਨੇ ਸਰਕਾਰ ਦਾ ਕੀਤਾ ਧੰਨਵਾਦ
ਪਟਿਆਲਾ, 3 ਜੁਲਾਈ (ਵਿਸ਼ਾਲ ਗੁਪਤ): ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਮ੍ਹਾਂ ਹੋਣ ਦੀ ਖੁਸ਼ੀ ਵਿੱਚ ਪਟਿਆਲਾ ਦੇ ਵਾਰਡ ਨੰਬਰ 58 ਦੇ ਮਾਡਲ ਟਾਊਨ ਮੇਨ ਮਾਰਕੀਟ ਵਿਖੇ ਧੰਨਵਾਦ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ ਅਤੇ ਵਾਰਡ ਦੇ ਮਿਊਂਸਿਪਲ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਕੀਤੀ।
ਇਸ ਮੌਕੇ ਮਹਿਲਾਵਾਂ ਅਤੇ ਸਥਾਨਕ ਵਸਨੀਕਾਂ ਨਾਲ ਮਿਲ ਕੇ ਲੱਡੂ ਵੰਡੇ ਗਏ ਅਤੇ ਯੋਜਨਾ ਲਾਗੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਇਸ ਯੋਜਨਾ ਨੂੰ ਪਰਿਵਾਰਾਂ ਲਈ ਲਾਹੇਵੰਦ ਕਰਾਰ ਦਿੱਤਾ।

ਮੋਨਿਕਾ ਸ਼ਰਮਾ ਨੇ ਕਿਹਾ- ਯੋਜਨਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਨਮਾਨ ਵੱਲ ਇੱਕ ਮੀਲ ਪੱਥਰ
ਪੰਜਾਬ ਸਕੱਤਰ ਮੋਨਿਕਾ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲਣ ਨਾਲ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਆਤਮ-ਵਿਸ਼ਵਾਸ ਨਾਲ ਅੱਗੇ ਵੱਧ ਸਕਣਗੀਆਂ। ਮੋਨਿਕਾ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦਿਆਂ ਆਖ਼ਰੀ ਗਾਰੰਟੀ ਨੂੰ ਵੀ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ।
ਉਨ੍ਹਾਂ ਕਿਹਾ ਕਿ ਜਿਹੜੀਆਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹਾਲੇ ਬਾਕੀ ਹੈ, ਉਹ ਜਲਦੀ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਵੀ ਬਣਦੀ ‘ਸਤਿਕਾਰ ਰਾਸ਼ੀ’ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਕਿਸਾਨ ਪੱਖੀ ਫ਼ੈਸਲੇ ਅਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ।
ਮਿਊਂਸਿਪਲ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਸਨਮਾਨਜਨਕ ਬਣੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਯੋਜਨਾ ਦੇ ਆਗਾਜ਼ ਮੌਕੇ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹3000 ਅਤੇ ₹4500 ਦੀ ਰਕਮ ਟਰਾਂਸਫਰ ਕਰਕੇ ਸਰਕਾਰ ਨੇ ਆਪਣੀ ਵਚਨਬੱਧਤਾ ਨੂੰ ਸਾਬਤ ਕੀਤਾ ਹੈ।
ਵਾਰਡ ਨਿਵਾਸੀ ਔਰਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸਤਿਕਾਰ ਰਾਸ਼ੀ’ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਆਤਮ-ਵਿਸ਼ਵਾਸ ਪ੍ਰਦਾਨ ਕਰੇਗੀ।








