Home ਪੰਜਾਬ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਤਿੰਨ ਬੱਸਾਂ...

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਤਿੰਨ ਬੱਸਾਂ ਧੂਰੀ ਤੋਂ ਕੀਤੀਆਂ ਰਵਾਨਾ

Chairman Dalvir Singh Dhillon flags off three buses from Dhuri under the Chief Minister’s pilgrimage scheme to facilitate devotees.

0
ਧੂਰੀ, 18 ਅਗਸਤ, 2026 (ਹਰਸ਼ਪ੍ਰੀਤ ਕੌਰ) :  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੁਖਦ, ਸੁਰੱਖਿਅਤ ਅਤੇ ਸਫ਼ਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਵੀ ਮੌਜੂਦ ਸਨ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਤੀਰਥ ਯਾਤਰਾ ਦੀ ਇੱਛਾ ਪੂਰੀ ਕਰ ਸਕਣ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਏ.ਸੀ. ਸਲੀਪਰ ਬੱਸ ਯਾਤਰਾ ਦੇ ਨਾਲ-ਨਾਲ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਚੇਅਰਮੈਨ ਨੇ ਕਿਹਾ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਹੁਣ ਤੱਕ ਕਰੀਬ 4 ਲੱਖ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਯਾਤਰਾ ‘ਤੇ ਹੁਣ ਤੱਕ 148 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕੁੱਲ 10 ਲੱਖ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦਾ ਵਿਸਥਾਰ ਕਰਦਿਆਂ ਹੁਣ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਨੂੰ ਵੀ ਤੀਰਥ ਯਾਤਰਾ ਨਾਲ ਜੋੜਿਆ ਗਿਆ ਹੈ। ਇਸ ਨਾਲ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਯਾਤਰਾ ਦੌਰਾਨ ਮੈਡੀਕਲ ਸਹਾਇਤਾ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਹਰੇਕ ਬੱਸ ਵਿੱਚ ਅਟੈਂਡੈਂਟ ਅਤੇ ਵੱਖ-ਵੱਖ ਮੰਜ਼ਿਲਾਂ ‘ਤੇ ਵਿਸ਼ੇਸ਼ ਟੀਮਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿਰਫ਼ ਧਾਰਮਿਕ ਯਾਤਰਾ ਤੱਕ ਸੀਮਤ ਨਹੀਂ, ਸਗੋਂ ਸੂਬੇ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਉਪਰਾਲਾ ਹੈ। ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਮਨੁੱਖਤਾ, ਸਾਂਝ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੇ ਹਨ। ਚੇਅਰਮੈਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਦਿਆਂ ਪੰਜਾਬ ਦੀ ਖੁਸ਼ਹਾਲੀ, ਤਰੱਕੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇਗੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸਮੂਹ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਨਿਲ ਮਿੱਤਲ ਪ੍ਰਧਾਨ ਨਗਰ ਕੌਂਸਲ ਅਮਰਜੋਤ ਕੌਰ, ਬਲਾਕ ਪ੍ਰਧਾਨ ਨਰੇਸ਼ ਕੁਮਾਰ, ਕੌਂਸਲਰ ਰਾਜੀਵ ਵਰਮਾ, ਕੌਂਸਲਰ ਸੁਸ਼ੀਲ ਰਿੰਕੂ, ਬਲਵਿੰਦਰ ਸਿੰਘ ਬਿੱਲੂ, ਅਜੈਬ ਸਿੰਘ ਸਮੇਤ ਸਥਾਨਕ ਆਗੂ, ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Exit mobile version