ਪਹਿਲ ਦਾ ਮਕਸਦ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਦੇ ਨਾਲ-ਨਾਲ ਉੱਚ ਪੱਧਰੀ ਸਹੂਲਤਾਂ ਉਪਲਬਧ ਕਰਵਾਉਣਾ-ਹਰਪਾਲ ਜੁਨੇਜਾ
ਪਟਿਆਲਾ, 25 ਜੂਨ: (ਵਿਸ਼ਾਲ ਗੁਪਤਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਆਵਾਜਾਈ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬੱਸ ਸਟੈਂਡਾਂ ਦੀ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਅਤੇ ਨਵੀਨੀਕਰਨ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਜਨਤਕ ਆਵਾਜਾਈ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਯਾਤਰੀ-ਪੱਖੀ ਬਣਾਉਣ ਲਈ ਪੀ.ਆਰ.ਟੀ.ਸੀ. ਵੱਲੋਂ ਬੱਸ ਅੱਡਿਆਂ, ਡਿਪੂਆਂ ਅਤੇ ਵਰਕਸ਼ਾਪਾਂ ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਪਹਿਲ ਦਾ ਮਕਸਦ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਦੇ ਨਾਲ-ਨਾਲ ਉੱਚ ਪੱਧਰੀ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਸਰਕਾਰੀ ਆਵਾਜਾਈ ਪ੍ਰਣਾਲੀ ਹੋਰ ਮਜ਼ਬੂਤ ਅਤੇ ਲੋਕ-ਪੱਖੀ ਬਣ ਸਕੇ।

ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਮਿਤੀ 27 ਮਈ 2026 ਨੂੰ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਨਿਰੀਖਣ ਦੌਰਾਨ ਉਨ੍ਹਾਂ ਨੇ ਯਾਤਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਵਾਰੀਆਂ ਅਤੇ ਸਟਾਫ਼ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸ਼੍ਰੀਮਤੀ ਮਨੀਸ਼ਾ ਰਾਣਾ, ਆਈ.ਏ.ਐਸ., ਮੈਨੇਜਿੰਗ ਡਾਇਰੈਕਟਰ, ਪੀ.ਆਰ.ਟੀ.ਸੀ. ਅਤੇ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੁਢਲਾਡਾ ਵਿਖੇ ਨਵੇਂ ਪ੍ਰਬੰਧਕੀ ਬਲਾਕ ਦੀ ਉਸਾਰੀ, ਡਿਪੂ/ਵਰਕਸ਼ਾਪ ਅਤੇ ਬੱਸ ਸਟੈਂਡ ਦੇ ਟਾਇਲਟ ਬਲਾਕਾਂ ਦੀ ਮੁਰੰਮਤ, ਯਾਤਰੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਵਾਸਤੇ ਨਵੇਂ ਆਰ.ਓ. ਸਿਸਟਮ ਅਤੇ ਵਾਟਰ ਕੂਲਰ ਦੀ ਸਥਾਪਨਾ, ਲਾਈਟਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ’ਤੇ ਦਰੁਸਤ ਕਰਨ ਸਬੰਧੀ ਸਿਵਲ ਇੰਜੀਨੀਅਰਿੰਗ ਸੈੱਲ ਵੱਲੋਂ ਤਿਆਰ ਕੀਤੀਆਂ ਤਜਵੀਜ਼ਾਂ ਅਤੇ ਤਖ਼ਮੀਨਿਆਂ ਨੂੰ ਪ੍ਰਵਾਨਗੀ ਦਿੱਤੀ ਗਈ।
ਹਰਪਾਲ ਜੁਨੇਜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ, ਤਾਂ ਜੋ ਯਾਤਰੀਆਂ ਅਤੇ ਕਰਮਚਾਰੀਆਂ ਨੂੰ ਵਧੀਆ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।
ਪੰਜਾਬ ਰਾਜ ਅੰਦਰ ਪੀ.ਆਰ.ਟੀ.ਸੀ. ਦੇ ਸਮੂਹ ਬੱਸ ਸਟੈਂਡਾਂ, ਡਿਪੂਆਂ ਅਤੇ ਵਰਕਸ਼ਾਪਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਲਈ ਵੀ ਵਿਆਪਕ ਯੋਜਨਾ ਉਲੀਕੀ ਗਈ ਹੈ ਅਤੇ ਇਸ ਸਬੰਧੀ ਕੰਮ ਜਲਦ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਯਾਤਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਗੁਣਵੱਤਾ ਭਰੀਆਂ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਦੀ ਪ੍ਰਮੁੱਖ ਤਰਜੀਹ ਹੈ।







