Home ਪਟਿਆਲਾ ਅਪਡੇਟ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਣ ’ਤੇ ਚੰਦਨ ਗਰੇਵਾਲ ਵੱਲੋਂ ਵਧਾਈ

ਸਫਾਈ ਕਰਮਚਾਰੀਆਂ ਦੀ ਤਨਖਾਹ ਵਧਣ ’ਤੇ ਚੰਦਨ ਗਰੇਵਾਲ ਵੱਲੋਂ ਵਧਾਈ

Chandan Grewal congratulates sanitation workers on salary hike

0
ਸਫਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਕਮਿਸ਼ਨ: ਗਰੇਵਾਲ
ਪਟਿਆਲਾ, 12 ਅਗਸਤ, 2026 (ਦੀਪਕ ਦੱਤਾ) : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੋਏ ਵਾਧੇ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਓਹਨਾ ਕਿਹਾ ਕਿ ਸੂਬੇ ਦੇ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਨਦੇਹੀ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੀ ਭਲਾਈ ਲਈ ਢੁੱਕਵੇਂ ਫੈਸਲੇ ਲੈਣ ਵਾਸਤੇ ਲਗਾਤਾਰ ਯਤਨ ਕੀਤੇ ਜਾਣਗੇ। ਸ੍ਰੀ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ ।
ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਪਣੀਆਂ ਵੱਖ-ਵੱਖ ਮੰਗਾਂ ਚੇਅਰਮੈਨ ਦੇ ਸਾਹਮਣੇ ਰੱਖੀਆਂ।  ਚੇਅਰਮੈਨ ਚੰਦਨ ਗਰੇਵਾਲ ਨੇ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਨ੍ਹਾਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਸਿਹਤਮੰਦ ਅਤੇ ਸਾਫ-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਮਿਲੇਗੀ। ਇਸ ਮੌਕੇ ਮੇਅਰ ਨਗਰ ਨਿਗਮ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ, ਜੁਆਇੰਟ ਕਮਿਸ਼ਨਰ ਸਿਮਰਪ੍ਰੀਤ ਕੌਰ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਅਤੇ ਸਫਾਈ ਕਰਮਚਾਰੀ ਮਜੂਦ ਸਨ।

Exit mobile version