ਚੰਡੀਗੜ੍ਹ, 20 ਅਗਸਤ 2026 (ਦੀਪਕ ਦੱਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰ ਵਿੱਚ ਆਪਣੀ ਐੱਮਏ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪ੍ਰੀਖਿਆ ਦੇਣ ਲਈ ਪਹੁੰਚੇ। ਰਨਜੀਤ ਸਿੰਘ ਚੰਨੀ ਨੇ ਯੂਨੀਵਰਸਿਟੀ ਦੇ ਪ੍ਰੀਖਿਆ ਹਾਲ ਵਿੱਚ ਦਾਖਲ ਹੋ ਕੇ ਆਪਣੀ ਪ੍ਰੀਖਿਆ ਦਿੱਤੀ। ਉਨ੍ਹਾਂ ਦੇ ਪ੍ਰੀਖਿਆ ਦੇਣ ਲਈ ਪਹੁੰਚਣ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾਂਦਾ ਹੈ ਕਿ ਚੰਨੀ ਨੇ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਵਿੱਚ ਹਾਜ਼ਰੀ ਨਹੀਂ ਭਰੀ ਸੀ। ਉਨ੍ਹਾਂ ਨੇ ਪਾਰਟੀ ਦੀ ਅਹਿਮ ਬੈਠਕ ਦੀ ਬਜਾਏ ਆਪਣੀ ਯੂਨੀਵਰਸਿਟੀ ਦੀ ਪ੍ਰੀਖਿਆ ਨੂੰ ਤਰਜੀਹ ਦਿੱਤੀ। ਚਰਨਜੀਤ ਸਿੰਘ ਚੰਨੀ ਵੱਲੋਂ ਪੜ੍ਹਾਈ ਜਾਰੀ ਰੱਖਣ ਅਤੇ ਪ੍ਰੀਖਿਆ ਵਿੱਚ ਖੁਦ ਸ਼ਾਮਲ ਹੋਣ ਦਾ ਇਹ ਮਾਮਲਾ ਸਿਆਸੀ ਹਲਕਿਆਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
