ਸੰਗਰੂਰ, 2 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ‘ਸੇਫ਼ ਸਕੂਲ ਵਾਹਨ’ ਮੁਹਿੰਮ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੁਹਿੰਮ ਤਹਿਤ ਸੰਗਰੂਰ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਜਾਂਚ ਕਰਦਿਆਂ ਵਾਹਨਾਂ ਵਿੱਚ ਸੁਰੱਖਿਆ ਪ੍ਰਬੰਧਾਂ, ਲੋੜੀਂਦੇ ਦਸਤਾਵੇਜ਼ਾਂ, ਡਰਾਈਵਰ ਦੀ ਵਰਦੀ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ ਅਤੇ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਤ ਹੋਰ ਨਿਯਮਾਂ ਦੀ ਪੜਤਾਲ ਕੀਤੀ ਗਈ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 2 ਚਲਾਨ ਕੀਤੇ ਗਏ।
ਇਸ ਮੌਕੇ ਪੁਲਿਸ ਵਿਭਾਗ ਵੱਲੋਂ ਜਸਵਿੰਦਰ ਸਿੰਘ ਅਤੇ ਸਵਰਨ ਸਿੰਘ, ਸਿੱਖਿਆ ਵਿਭਾਗ ਵੱਲੋਂ ਰਿਸ਼ਵ ਨਾਗਪਾਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਨਿਰਮਲ ਕੌਰ ਅਤੇ ਹਰਜੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਅਧਿਕਾਰੀਆਂ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਸੇਫ਼ ਸਕੂਲ ਵਾਹਨ ਨਾਲ ਸਬੰਧਤ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਸਬੰਧੀ ਜਾਗਰੂਕ ਵੀ ਕੀਤਾ ਗਿਆ
