Home ਪੰਜਾਬ ਪਿੰਡ ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ...

ਪਿੰਡ ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ

₹5 Lakh Cheque Presented for Mosque Construction in Bhullarheri Village

0
ਧਾਰਮਿਕ ਸਥਾਨਾਂ ਦੇ ਵਿਕਾਸ ਲਈ ਸਹਿਯੋਗ ਦੇਣਾ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ
ਧੂਰੀ, 7 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਜੇਰੇ ਬਿਲਾਲ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਮਸਜਿਦ ਦੀ ਉਸਾਰੀ ਲਈ ਇਹ ਚੈੱਕ ਸਬੰਧਤ ਨੁਮਾਇੰਦਿਆਂ ਨੂੰ ਸੌਂਪਿਆ ਅਤੇ ਉਸਾਰੀ ਕਾਰਜ ਦੀ ਸ਼ੁਰੂਆਤ ਵੀ ਕਰਵਾਈ।
ਇਸ ਮੌਕੇ ਡਾ. ਅਨਵਰ ਭਸੌੜ ਨੇ ਕਿਹਾ ਕਿ ਧਾਰਮਿਕ ਸਥਾਨ ਸਿਰਫ਼ ਇਬਾਦਤ ਦੇ ਕੇਂਦਰ ਹੀ ਨਹੀਂ ਹੁੰਦੇ, ਸਗੋਂ ਇਹ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮਸਜਿਦ ਦੀ ਉਸਾਰੀ ਲਈ ਦਿੱਤੀ ਗਈ ਇਹ ਵਿੱਤੀ ਸਹਾਇਤਾ ਇਲਾਕੇ ਦੀ ਸੰਗਤ ਅਤੇ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਅਜਿਹੇ ਉਪਰਾਲੇ ਸਮਾਜ ਦੇ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਹਨ। ਉਨ੍ਹਾਂ ਨੇ ਮਸਜਿਦ ਦੀ ਉਸਾਰੀ ਨਾਲ ਜੁੜੇ ਸਮੂਹ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਉਸਾਰੀ ਕਾਰਜ ਸ਼ੁਰੂ ਹੋਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਸਮੇਤ ਪਿੰਡ ਦੇ ਪਤਵੰਤੇ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

Exit mobile version