ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੇ ਵਾਅਦੇ ਪੂਰੇ ਕੀਤੇ, ਲੋਕਾਂ ਵੱਲੋਂ ਭਰੋਸਾ ਜਤਾਇਆ ਗਿਆਆਪ – ਆਗੂ ਗੁਰਪ੍ਰੀਤ ਸਿੰਘ ਗੋਲਡੀ
ਧਰਮਕੋਟ, 22 ਜੁਲਾਈ (ਜਗਮੇਲ ਸਿੰਘ ਢਿੱਲੋਂ): ਹਲਕਾ ਧਰਮਕੋਟ ਦੇ ਪਿੰਡ ਧਰਮ ਸਿੰਘ ਵਾਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਪਿੰਡ ਧਰਮ ਸਿੰਘ ਵਾਲਾ ਦੇ ਪੰਚਾਇਤ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੀਆਂ ਸਰਕਾਰਾਂ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੇ ਵਾਅਦੇ ਪੂਰੇ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਮਿਲਣੀਆਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਵਿਚਾਰ ਸੁਣਨ ਲਈ ਪਹੁੰਚ ਰਹੇ ਹਨ। ਗੁਰਪ੍ਰੀਤ ਸਿੰਘ ਗੋਲਡੀ ਨੇ ਕਿਹਾ ਕਿ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ।
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਗੁਰਪ੍ਰੀਤ ਸਿੰਘ ਗੋਲਡੀ ਦੇ ਅਨੁਸਾਰ, ਸਮਾਗਮ ਵਿੱਚ ਮੌਜੂਦ ਲੋਕਾਂ ਨੇ ਮੁੱਖ ਮੰਤਰੀ ਪ੍ਰਤੀ ਆਪਣਾ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਗੱਲ ਕਹੀ।
ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਾਕ ਪ੍ਰਧਾਨ ਰਾਜਵੀਰ ਸਿੰਘ ਕੰਗ, ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ, ਸਰਪੰਚ ਗੁਰਦੇਵ ਸਿੰਘ, ਪੰਚ ਗੁਰਪ੍ਰੀਤ ਸਿੰਘ ਗੋਲਡੀ, ਜਾਗੀਰ ਸਿੰਘ, ਕੁਲਦੀਪ ਕੌਰ, ਮਨਜੀਤ ਕੌਰ, ਨਿਰੰਜਣ ਸਿੰਘ ਨਿਰਵਾਣ, ਗੁਰਜੰਟ ਸਿੰਘ ਨਿਰਵਾਣ ਅਤੇ ਹੋਰ ਪਾਰਟੀ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।








