ਚੰਡੀਗੜ੍ਹ, 13 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਨੂੰ ਨਸ਼ਾ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ‘ਸੰਕਲਪ’ (SANKALP) ਸੁਸਾਇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਇੱਕ ਵਿਆਪਕ ਅਤੇ ਤਾਲਮੇਲ ਵਾਲੀ ਰਣਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਰਹੇ ਅਤੇ ਨਸ਼ੇ ਦੀ ਸਮੱਸਿਆ ‘ਤੇ ਪ੍ਰਭਾਵਸ਼ਾਲੀ ਅੰਕੁਸ਼ ਲਗਾਇਆ ਜਾ ਸਕੇ।
ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਪ੍ਰਮੁੱਖ ਸੰਕਲਪਾਂ ‘ਤੇ ਵਿਸ਼ੇਸ਼ ਤੌਰ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਵਿੱਚ ਡਰੱਗ ਮੁਕਤ ਥਾਣਾ ਖੇਤਰ ਬਣਾਉਣਾ, ਤਸਕਰ ਮੁਕਤ ਜ਼ਿਲ੍ਹਾ ਯਕੀਨੀ ਕਰਨਾ, ਨਸ਼ੇ ਦੀਆਂ ਗੋਲੀਆਂ ਤੋਂ ਮੁਕਤ ਕੈਮਿਸਟ ਸ਼ਾਪ, ਨਸ਼ੇ ਵਿਰੁੱਧ ਪਰਿਵਾਰ ਦਾ ਸਹਿਯੋਗ, ਇਲਾਜ ਯੁਕਤ ਹਸਪਤਾਲ, ਸਹੂਲਤ ਯੁਕਤ ਸਕੂਲ, ਜਿੱਥੇ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ, ਵਿਦਿਆਰਥੀਆਂ ਦੀ ਕੌਂਸਲਿੰਗ ਅਤੇ ਸੁਰੱਖਿਅਤ ਵਿਦਿਅਕ ਮਾਹੌਲ ਨੂੰ ਹੁਲਾਰਾ ਦੇਣਾ ਅਤੇ ਨੌਜਵਾਨਾਂ ਲਈ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਦੇ ਬਿਹਤਰ ਬਦਲ ਉਪਲਬਧ ਕਰਵਾਉਣਾ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਕਲਪ ਹੈ—‘ਨਸ਼ਾ ਮੁਕਤ ਹਰਿਆਣਾ, ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣਾ।’ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਸਮੇਂ ਸਿਰਫ਼ ਨਸ਼ਾ ਵੇਚਣ ਵਾਲੇ ਵਿਅਕਤੀ ਤੱਕ ਹੀ ਸੀਮਤ ਨਾ ਰਿਹਾ ਜਾਵੇ, ਸਗੋਂ ਇਹ ਵੀ ਪਤਾ ਲਗਾਇਆ ਜਾਵੇ ਕਿ ਉਸ ਕੋਲ ਨਸ਼ੀਲੇ ਪਦਾਰਥ ਕਿੱਥੋਂ ਪਹੁੰਚੇ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਅਤੇ ਤਸਕਰੀ ਦੇ ਨੈੱਟਵਰਕ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।
ਸੰਕਲਪ ਸੁਸਾਇਟੀ ਹਰ ਮਹੀਨੇ ਦੇਵੇਗੀ ਨਸ਼ਾ ਮੁਕਤੀ ਮੁਹਿੰਮ ਦੇ ਨਤੀਜਿਆਂ ਦੀ ਰਿਪੋਰਟ, ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੋਵੇਗੀ ਤੈਅ
ਮੁੱਖ ਮੰਤਰੀ ਨੇ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਕਿ ਸੰਕਲਪ ਸੁਸਾਇਟੀ ਨੂੰ ਹਰ ਮਹੀਨੇ ਆਪਣੇ ਕੰਮਾਂ ਦੇ ਠੋਸ ਨਤੀਜੇ ਪੇਸ਼ ਕਰਨੇ ਪੈਣਗੇ। ਇਹ ਵੀ ਮੁਲਾਂਕਣ ਕੀਤਾ ਜਾਵੇਗਾ ਕਿ ਨਸ਼ੇ ਦੀ ਉਪਲਬਧਤਾ ਘਟਾਉਣ, ਨੌਜਵਾਨਾਂ ਨੂੰ ਇਲਾਜ ਨਾਲ ਜੋੜਨ ਅਤੇ ਨਸ਼ੇ ਵੱਲ ਦੁਬਾਰਾ ਪਰਤਣ ਦੀ ਪ੍ਰਵਿਰਤੀ ਨੂੰ ਰੋਕਣ ਵਿੱਚ ਕਿੰਨੀ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰ ਪੱਧਰ ‘ਤੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮੈਰਾਥਨ, ਸਾਈਕਲੋਥੌਨ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰ ਰਹੀ ਹੈ। ਪਰ ਮੁਹਿੰਮ ਦਾ ਉਦੇਸ਼ ਸਿਰਫ਼ ਜਾਗਰੂਕਤਾ ਫੈਲਾਉਣਾ ਨਹੀਂ, ਸਗੋਂ ਨਸ਼ੇ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣਾ ਹੈ। ਸੰਕਲਪ ਸੁਸਾਇਟੀ ਨੂੰ ਇਹ ਵੀ ਨਿਗਰਾਨੀ ਕਰਨੀ ਪਵੇਗੀ ਕਿ ਕਿੰਨੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਗਿਆ, ਕਿੰਨੇ ਨੌਜਵਾਨਾਂ ਨੇ ਆਪਣਾ ਇਲਾਜ ਪੂਰਾ ਕੀਤਾ ਅਤੇ ਇਲਾਜ ਤੋਂ ਬਾਅਦ ਉਹ ਦੁਬਾਰਾ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਨਾ ਆਉਣ। ਇਸ ਦੇ ਲਈ ਇਲਾਜ ਦੇ ਨਾਲ-ਨਾਲ ਨਿਰੰਤਰ ਨਿਗਰਾਨੀ, ਮੁੜ ਵਸੇਬੇ ਅਤੇ ਪਰਿਵਾਰ ਦੇ ਸਹਿਯੋਗ ‘ਤੇ ਵੀ ਵਿਸ਼ੇਸ਼ ਧਿਆਨ ਦੇਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਤੋਂ ਪ੍ਰਭਾਵਿਤ ਹਰ ਵਿਅਕਤੀ ਤੱਕ ਸਹਾਇਤਾ ਪਹੁੰਚੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਕਾਰਾਤਮਕ ਮੌਕੇ, ਸਹੀ ਸੇਧ ਅਤੇ ਅਨੁਕੂਲ ਮਾਹੌਲ ਮਿਲੇ। ਇਸੇ ਉਦੇਸ਼ ਲਈ ਸਰਕਾਰ ਨੇ ‘ਸੰਕਲਪ’ ਸੁਸਾਇਟੀ ਦਾ ਗਠਨ ਕੀਤਾ ਹੈ। ਇਸ ਤਹਿਤ ਗ੍ਰਹਿ, ਸਿਹਤ, ਸਿੱਖਿਆ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਮਹਿਲਾ ਅਤੇ ਬਾਲ ਵਿਕਾਸ ਅਤੇ ਹੋਰ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕੀਤਾ ਜਾਵੇਗਾ, ਤਾਂ ਜੋ ਨਸ਼ਿਆਂ ਦੀ ਰੋਕਥਾਮ ਤੋਂ ਲੈ ਕੇ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਤੱਕ ਸਾਰੇ ਪੱਧਰਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਵਿੱਚ ਅਪਾਰ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਸਹਿਯੋਗ ਉਪਲਬਧ ਕਰਵਾਉਣਾ ਸਰਕਾਰ ਅਤੇ ਸਮਾਜ ਦੋਵਾਂ ਦੀ ਜ਼ਿੰਮੇਵਾਰੀ ਹੈ। ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪ੍ਰਸ਼ਾਸਕੀ ਯਤਨਾਂ ਦੇ ਨਾਲ-ਨਾਲ ਪਰਿਵਾਰਾਂ, ਅਧਿਆਪਕਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਜਨਤਕ ਪ੍ਰਤੀਨਿਧੀਆਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਦਾ ਨੌਜਵਾਨ ਸਿਹਤਮੰਦ, ਜਾਗਰੂਕ, ਆਤਮਨਿਰਭਰ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਿਤ ਬਣੇ ਅਤੇ ਸੂਬਾ ਨਸ਼ਾਮੁਕਤ ਸਮਾਜ ਵੱਲ ਠੋਸ ਤਰੱਕੀ ਕਰੇ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੌਜਵਾਨ ਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਜੀ. ਅਨੁਪਮਾ, ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਦਹੀਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਮੀਣਾ, ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ, ਏ.ਡੀ.ਜੀ.ਪੀ. ਸ੍ਰੀ ਸੰਜੇ ਕੁਮਾਰ, ਸੰਕਲਪ ਸੁਸਾਇਟੀ ਦੇ ਸੀ.ਈ.ਓ. ਸ੍ਰੀ ਓ.ਪੀ. ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।






