‘ਆਗੇ ਬੜ੍ਹੇ ਬਚਪਨ’ ਪਹਿਲਕਦਮੀ ਤਹਿਤ 3 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਉੱਤੇ ਜ਼ੋਰ
ਚੰਡੀਗੜ੍ਹ, 23 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਦੀ ਮਜ਼ਬੂਤ ਨੀਂਹ ਰੱਖ ਕੇ ਉੱਜਵਲ ਭਵਿੱਖ ਦਾ ਰਾਹ ਪੱਧਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਗੇ ਬੜ੍ਹੇ ਬਚਪਨ’ ਦੀ ਧਾਰਨਾ ਤਹਿਤ ਬੱਚਿਆਂ ਨੂੰ ਉਨ੍ਹਾਂ ਦੀ ਉਮਰ ਅਤੇ ਸਿੱਖਣ ਦੀ ਸਮਰੱਥਾ ਦੇ ਅਨੁਸਾਰ ਦਿਲਚਸਪ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਲਈ ਵਿਭਾਗ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਅਧਿਆਪਨ-ਅਧਿਗਮ ਸਮੱਗਰੀ (ਟੀ.ਐਲ.ਐਮ.) ਉਪਲਬਧ ਕਰਵਾਈ ਗਈ ਹੈ, ਜਿਸ ਨਾਲ ਬੱਚੇ ਖੇਡਾਂ, ਗੱਲਬਾਤ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਸਾਨੀ ਨਾਲ ਨਵੀਆਂ ਗੱਲਾਂ ਸਿੱਖ ਸਕਣ। ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਖੇਡ-ਆਧਾਰਿਤ ਸਿੱਖਿਆ ਨਾਲ ਬੱਚਿਆਂ ਦੇ ਭਾਸ਼ਾ ਅਤੇ ਸੰਚਾਰ ਹੁਨਰਾਂ ਵਿੱਚ ਸੁਧਾਰ ਹੁੰਦਾ ਹੈ। ਬੱਚੇ ਸੁਣਨ, ਬੋਲਣ, ਆਪਣੇ ਵਿਚਾਰ ਪ੍ਰਗਟ ਕਰਨ ਅਤੇ ਦੂਜਿਆਂ ਦੀ ਗੱਲ ਸਮਝਣ ਦੀ ਸਮਰੱਥਾ ਵਿਕਸਿਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸੋਚਣ-ਸਮਝਣ, ਯਾਦ ਰੱਖਣ, ਤਰਕ ਕਰਨ ਅਤੇ ਸਮੱਸਿਆਵਾਂ ਦਾ ਹੱਲ ਲੱਭਣ ਦੀ ਸਮਰੱਥਾ ਵੀ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਰੰਗਾਂ, ਆਕਾਰਾਂ, ਗਿਣਤੀ, ਵਰਗੀਕਰਨ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਦਾ ਮੌਕਾ ਮਿਲਦਾ ਹੈ। ਸਮੂਹ ਵਿੱਚ ਖੇਡਣਾ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਉਨ੍ਹਾਂ ਨੂੰ ਮਿਲ-ਜੁਲ ਕੇ ਰਹਿਣ, ਆਪਣੀ ਵਾਰੀ ਦੀ ਉਡੀਕ ਕਰਨ, ਦੂਜਿਆਂ ਨਾਲ ਸਹਿਯੋਗ ਕਰਨ ਅਤੇ ਸਮਾਜਿਕ ਵਿਵਹਾਰ ਸਿੱਖਣ ਵਿੱਚ ਮਦਦ ਕਰਦਾ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਭਾਵਨਾਤਮਕ ਸੰਤੁਲਨ ਅਤੇ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਸਮਰੱਥਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਖੇਡ-ਆਧਾਰਿਤ ਗਤੀਵਿਧੀਆਂ ਬੱਚਿਆਂ ਨੂੰ ਸਕੂਲ ਵਿੱਚ ਦਾਖ਼ਲੇ ਲਈ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਨਾਲ ਉਨ੍ਹਾਂ ਵਿੱਚ ਸਿੱਖਣ ਪ੍ਰਤੀ ਰੁਚੀ ਵਿਕਸਿਤ ਹੁੰਦੀ ਹੈ ਅਤੇ ਉਹ ਅੱਗੇ ਦੀ ਰਸਮੀ ਸਿੱਖਿਆ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ। ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਹਰ ਬੱਚੇ ਨੂੰ ਸਿੱਖਣ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦਾ ਯਤਨ ਹੈ ਕਿ ਆਂਗਣਵਾੜੀ ਕੇਂਦਰ ਬੱਚਿਆਂ ਲਈ ਅਜਿਹਾ ਆਨੰਦਮਈ ਅਤੇ ਪ੍ਰੇਰਨਾਦਾਇਕ ਮਾਹੌਲ ਬਣਨ, ਜਿੱਥੇ ਉਹ ਖੇਡਦੇ ਹੋਏ ਸਿੱਖਣ, ਆਪਣੀ ਪ੍ਰਤਿਭਾ ਨੂੰ ਪਛਾਣਨ ਅਤੇ ਆਤਮ-ਵਿਸ਼ਵਾਸ ਨਾਲ ਆਪਣੇ ਉੱਜਵਲ ਭਵਿੱਖ ਵੱਲ ਕਦਮ ਵਧਾਉਣ।
