ਚੰਡੀਗੜ੍ਹ, 3 ਸਤੰਬਰ 2026 (ਰਾਜੇਸ਼ ਕੁਮਾਰ): ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਦਫ਼ਤਰ ਦੇ ਸੂਤਰਾਂ ਨੇ ਸਪਸ਼ਟ ਕੀਤਾ ਹੈ ਕਿ 13 ਅਗਸਤ ਨੂੰ ਜਾਰੀ ਕੀਤੀਆਂ ਗਈਆਂ ਵੋਟਰ ਸੂਚੀਆਂ ਅੰਤਿਮ ਨਹੀਂ ਸਨ, ਸਗੋਂ ਇਹ ਡਰਾਫਟ ਵੋਟਰ ਰੋਲ ਸਨ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਚੋਣ ਕਮਿਸ਼ਨ ਆਫ਼ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਸਬੰਧਤ ਐਂਟਰੀਆਂ ਨੂੰ ਅੰਤਿਮ ਵੋਟਰ ਸੂਚੀ ਵਿੱਚ ਦਰਸਾਇਆ ਜਾਵੇਗਾ। ਪੰਜਾਬ ਦੀ ਫਾਈਨਲ ਵੋਟਰ ਸੂਚੀ 12 ਅਕਤੂਬਰ 2026 ਨੂੰ ਜਾਰੀ ਹੋਣੀ ਤੈਅ ਹੈ। ਇਹ ਸਪਸ਼ਟੀਕਰਨ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਉਸ ਦਾਅਵੇ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ‘Shifted’ ਦਰਜ ਕੀਤਾ ਗਿਆ ਹੈ। ਹਾਲਾਂਕਿ, CEO ਦਫ਼ਤਰ ਦੇ ਸੂਤਰਾਂ ਨੇ ਚੱਢਾ ਦੇ ਦੋਸ਼ਾਂ ਬਾਰੇ ਕੋਈ ਖਾਸ ਟਿੱਪਣੀ ਨਹੀਂ ਕੀਤੀ। ਮੋਹਾਲੀ ਵਿੱਚ ਵੋਟਰ ਵਜੋਂ ਰਜਿਸਟਰਡ ਚੱਢਾ ਨੇ ਇਸ ਮਾਮਲੇ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਤੋਂ ਮੌਜੂਦਾ ਰਾਜ ਸਭਾ ਮੈਂਬਰ ਹਨ ਅਤੇ ਉਨ੍ਹਾਂ ਦਾ ਨਾਮ ‘Shifted’ ਕਿਵੇਂ ਦਰਜ ਕੀਤਾ ਗਿਆ। ਚੱਢਾ ਨੇ ਇਹ ਵੀ ਕਿਹਾ ਸੀ ਕਿ ਉਸ ਸਮੇਂ ਜਾਰੀ ਸੂਚੀ ਅੰਤਿਮ ਨਹੀਂ ਸੀ ਅਤੇ Claims and Objections ਪ੍ਰਕਿਰਿਆ ਦੌਰਾਨ ਵੋਟਰ ਵੇਰਵਿਆਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ Special Intensive Revision (SIR) ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਸੀ ਕਿ ਜਨਤਕ ਨੁਮਾਇੰਦਿਆਂ, ਜਿਵੇਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਲਈ ‘Protected List’ ਦੀ ਵਿਵਸਥਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਚੱਢਾ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ’ਤੇ ਆਪਣੀ ਵੋਟਰ ਰਜਿਸਟ੍ਰੇਸ਼ਨ ਦਿੱਲੀ ਤਬਦੀਲ ਕਰਨ ਲਈ ਕਥਿਤ ਤੌਰ ’ਤੇ ਬੈਕਡੇਟ ਪ੍ਰਕਿਰਿਆ ਵਰਤਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਇਹ ਵੀ ਕਿਹਾ ਹੈ ਕਿ ਵੋਟਰ ਸੂਚੀ ਤਿਆਰ ਕਰਨ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। CEO ਦਫ਼ਤਰ ਦੇ ਸੂਤਰਾਂ ਅਨੁਸਾਰ ਪੰਜਾਬ ਦੀ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
