ਚੋਣਾਂ ਅਤੇ ਲੋਕ-ਪੱਖੀ ਮੁੱਦਿਆਂ ‘ਤੇ ਹੋਈ ਅਹਿਮ ਵਿਚਾਰ-ਚਰਚਾ; ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਲਿਆ ਅਹਿਦ: ਮੋਹਿਤ ਮੋਹਿੰਦਰਾ
ਪਟਿਆਲਾ, 29 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਹਿ-ਇੰਚਾਰਜ ਸ਼੍ਰੀਮਤੀ ਹੀਨਾ ਕਾਵੜੇ ਅਤੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ ‘ਤੇ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਪਹੁੰਚੇ। ਬ੍ਰਹਮ ਮਹਿੰਦਰਾ ਅਤੇ ਮੋਹਿਤ ਮੋਹਿੰਦਰਾ ਵੱਲੋਂ ਦੋਵਾਂ ਸੀਨੀਅਰ ਆਗੂਆਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਅਹਿਮ ਮੁਲਾਕਾਤ ਦੌਰਾਨ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕ-ਪੱਖੀ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਲੀਡਰਸ਼ਿਪ ਨੇ ਜ਼ਮੀਨੀ ਪੱਧਰ ‘ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਲਈ ਰੂਪ-ਰੇਖਾ ਉਲੀਕੀ।
ਗੱਲਬਾਤ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਉਹ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਅਗਵਾਈ ਹੇਠ ਕਾਂਗਰਸ ਦਾ ਹਰ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਲੋਕ-ਹਿੱਤਾਂ ਲਈ ਲੜਾਈ ਲੜ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਰਕਰਾਂ ਦੀ ਅਣਥੱਕ ਮਿਹਨਤ ਸਦਕਾ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਮੀਟਿੰਗ ਦੌਰਾਨ ਸ਼੍ਰੀਮਤੀ ਹੀਨਾ ਕਾਵੜੇ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਹਲਕਾ ਪਟਿਆਲਾ ਦਿਹਾਤੀ ਵਿੱਚ ਪਾਰਟੀ ਸੰਗਠਨ ਦੀ ਮਜ਼ਬੂਤੀ ਅਤੇ ਮੋਹਿਤ ਮੋਹਿੰਦਰਾ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ ਅਤੇ ਉਨ੍ਹਾਂ ਨਾਲ ਕਈ ਸੀਨੀਅਰ ਕਾਂਗਰਸੀ ਆਗੂ, ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ, ਬਲਾਕ ਅਹੁਦੇਦਾਰ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
