Home ਪਟਿਆਲਾ ਅਪਡੇਟ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਸਖ਼ਤ ਨਿਰਦੇਸ਼: ਜਨਤਕ ਸ਼ਿਕਾਇਤਾਂ ਦਾ ਤੁਰੰਤ ਹੋਵੇ...

ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਸਖ਼ਤ ਨਿਰਦੇਸ਼: ਜਨਤਕ ਸ਼ਿਕਾਇਤਾਂ ਦਾ ਤੁਰੰਤ ਹੋਵੇ ਹੱਲ

0

ਪਟਿਆਲਾ, 15 ਜੁਲਾਈ ( ਦੀਪਕ ਦੱਤਾ):ਸ਼ਹਿਰ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸ਼ਹਿਰ ਦੇ ਏ ਟੈਂਕ ਸਥਿਤ ਨਿਗਮ ਦਫ਼ਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਦਫ਼ਤਰ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਕਮਿਸ਼ਨਰ ਨੇ ਸਭ ਤੋਂ ਪਹਿਲਾਂ ਕਰਮਚਾਰੀਆਂ ਦਾ ਰੋਜ਼ਾਨਾ ਹਾਜ਼ਰੀ ਰਜਿਸਟਰ ਚੈੱਕ ਕਰਕੇ ਸਟਾਫ਼ ਦੀ ਮੌਜੂਦਗੀ ਦਾ ਜਾਇਜ਼ਾ ਲਿਆ ਅਤੇ ਇਸ ਤੋਂ ਬਾਅਦ ਉੱਥੇ ਤਾਇਨਾਤ ਅਧਿਕਾਰੀਆਂ ਨਾਲ ਲੋਕਾਂ ਵੱਲੋਂ ਰੋਜ਼ਾਨਾ ਪ੍ਰਾਪਤ ਹੋ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਸ਼ਿਕਾਇਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਜਨਤਾ ਦੀਆਂ ਮੁਸ਼ਕਲਾਂ ਨੂੰ ਬਿਲਕੁਲ ਵੀ ਹਲਕੇ ਵਿੱਚ ਨਾ ਲਿਆ ਜਾਵੇ, ਬਲਕਿ ਹਰ ਇੱਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਗਰ ਨਿਗਮ ਇੱਕ ਜਨਤਕ ਅਦਾਰਾ ਹੈ, ਜਿਸ ਤੋਂ ਸ਼ਹਿਰ ਵਾਸੀਆਂ ਨੂੰ ਬਹੁਤ ਉਮੀਦਾਂ ਹੁੰਦੀਆਂ ਹਨ। ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਏ ਤਾਂ ਜੋ ਲੋਕਾਂ ਨੂੰ ਆਪਣੇ ਜਾਇਜ਼ ਕੰਮਾਂ ਲਈ ਬੇਵਜ੍ਹਾ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਹਰ ਸਮੱਸਿਆ ਦਾ ਹੱਲ ਨਿਰਧਾਰਤ ਸਮੇਂ ਅੰਦਰ ਹੋ ਸਕੇ।

ਕਮਿਸ਼ਨਰ ਨੇ ਅੱਗੇ ਕਿਹਾ ਕਿ ਪਟਿਆਲਾ ਦੀ ਸਫ਼ਾਈ, ਸੁੰਦਰਤਾ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਨਗਰ ਨਿਗਮ ਦੀ ਬਹੁਤ ਅਹਿਮ ਭੂਮਿਕਾ ਹੈ। ਸ਼ਹਿਰ ਨੂੰ ਵਧੇਰੇ ਸੁਚੱਜਾ ਅਤੇ ਵਿਕਸਤ ਬਣਾਉਣ ਲਈ ਨਿਗਮ ਦੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਨਿਗਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆ ਕੇ ਸ਼ਹਿਰ ਵਾਸੀਆਂ ਦਾ ਪ੍ਰਸ਼ਾਸਨ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਜਾਵੇਗਾ।

ਫ਼ੋਟੋ: ਏ ਟੈਂਕ ਦਫ਼ਤਰ ਦੇ ਦੌਰੇ ਦੌਰਾਨ ਹਾਜ਼ਰੀ ਰਜਿਸਟਰ ਅਤੇ ਸ਼ਿਕਾਇਤਾਂ ਦੀ ਜਾਂਚ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ।

Exit mobile version