ਨਵੀਂ ਦਿੱਲੀ, 18 ਅਗਸਤ 2026 (ਰਾਜੇਸ਼ ਕੁਮਾਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਵਸ ਮੌਕੇ ਦਿੱਤੇ ‘ਦਿਮਾਗੀ ਨਕਸਲ’ ਵਾਲੇ ਬਿਆਨ ਨੂੰ ਲੈ ਕੇ ਚੱਲ ਰਹੇ ਸਿਆਸੀ ਵਿਵਾਦ ਦਰਮਿਆਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਹੌਲੀ-ਹੌਲੀ ‘ਮਾਓਵਾਦੀ ਪਾਰਟੀ’ ਦਾ ਰੂਪ ਧਾਰ ਰਹੀ ਹੈ। ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ‘ਦਿਮਾਗੀ ਨਕਸਲ’ ਵਾਲਾ ਬਿਆਨ ਕਿਸੇ ਖ਼ਾਸ ਵਿਰੋਧੀ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਮੁਤਾਬਕ ਕਾਂਗਰਸ ਆਗੂਆਂ ਨੇ ਆਪਣੇ ਆਪ ਨੂੰ ਇਸ ਬਿਆਨ ਨਾਲ ਜੋੜ ਲਿਆ। ਉਨ੍ਹਾਂ ਕਿਹਾ ਕਿ ‘ਦਿਮਾਗੀ ਨਕਸਲ’ ਤੋਂ ਭਾਵ ਉਨ੍ਹਾਂ ਲੋਕਾਂ ਤੋਂ ਹੈ ਜੋ ਦੇਸ਼ ਦੀ ਏਕਤਾ ਨੂੰ ਕਮਜ਼ੋਰ ਕਰਨ, ਵੱਖਵਾਦੀ ਸੋਚ ਨੂੰ ਉਤਸ਼ਾਹਿਤ ਕਰਨ ਜਾਂ ਭਾਰਤ ਦੇ ਵੱਖ-ਵੱਖ ਹਿੱਸਿਆਂ ਨੂੰ ਵੰਡਣ ਵਾਲੀਆਂ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ। ਰਿਜਿਜੂ ਨੇ ਦਾਅਵਾ ਕੀਤਾ ਕਿ ਨਕਸਲਵਾਦ ਸਿਰਫ਼ ਹਥਿਆਰਬੰਦ ਸੰਘਰਸ਼ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦੀ ਵਿਚਾਰਧਾਰਾ ਵੀ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਚੁਣੌਤੀ ਹੈ।
ਕੇਂਦਰੀ ਮੰਤਰੀ ਨੇ ਕਾਂਗਰਸ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਨੈਸ਼ਨਲ ਐਡਵਾਇਜ਼ਰੀ ਕੌਂਸਲ ਵਿੱਚ ਪਹਿਲਾਂ ਵੀ ਅਜਿਹੀ ਵਿਚਾਰਧਾਰਾ ਵਾਲੇ ਲੋਕਾਂ ਦਾ ਪ੍ਰਭਾਵ ਰਿਹਾ ਹੈ ਅਤੇ ਹੁਣ ਪਾਰਟੀ ਖੁਦ ਉਸੇ ਦਿਸ਼ਾ ਵੱਲ ਵਧਦੀ ਨਜ਼ਰ ਆ ਰਹੀ ਹੈ। ਰਿਜਿਜੂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 2006 ਦੇ ਬਿਆਨ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਨਕਸਲਵਾਦ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸਭ ਤੋਂ ਵੱਡੀ ਚੁਣੌਤੀ ਦੱਸਿਆ ਸੀ। ਰਿਜਿਜੂ ਨੇ ਕਿਹਾ ਕਿ ਕਾਂਗਰਸ ਨੂੰ ਆਪਣੇ ਸਾਬਕਾ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੇ ‘ਦਿਮਾਗੀ ਨਕਸਲ’ ਸ਼ਬਦ ਦੀ ਆਲੋਚਨਾ ਕੀਤੀ ਹੈ। ਕਾਂਗਰਸ ਆਗੂਆਂ ਨੇ ਇਸ ਨੂੰ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਵੱਲੋਂ ਵਰਤਿਆ ਜਾ ਰਿਹਾ ਸਿਆਸੀ ਤੰਜ਼ ਕਰਾਰ ਦਿੱਤਾ ਹੈ। ਚਿਦੰਬਰਮ ਨੇ ਇਸ ਟਿੱਪਣੀ ’ਤੇ ਤਨਜ਼ ਕਰਦਿਆਂ ਖੁਦ ਨੂੰ ‘ਦਿਮਾਗੀ ਨਕਸਲ’ ਕਹਿਣ ’ਤੇ ਮਾਣ ਹੋਣ ਦੀ ਗੱਲ ਵੀ ਕਹੀ ਸੀ। ਇਸ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਕਾਰ ਸਿਆਸੀ ਬਿਆਨਬਾਜ਼ੀ ਹੋਰ ਤੇਜ਼ ਹੋ ਗਈ ਹੈ।
