ਚੰਡੀਗੜ੍ਹ, 6 ਅਗਸਤ, 2026 (ਵਿਸ਼ਾਲ ਗੁਪਤਾ) : ਪੰਜਾਬ ਵਿਧਾਨ ਸਭਾ ਦੇ ਬਾਹਰ ਵੀਰਵਾਰ ਨੂੰ ਕਾਂਗਰਸ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਲੀਆਂ ਪੱਟੀਆਂ ਬੰਨ੍ਹ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸ ਵਿਧਾਇਕਾਂ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਦਾ ਦੋਸ਼ ਲਗਾਉਂਦਿਆਂ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂ ਪਰਗਟ ਸਿੰਘ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਕਾਰ ਦਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪਰਗਟ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਨੇ ਕੁਝ ਹੀ ਦਿਨਾਂ ਵਿੱਚ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਪਰ ਕਰੀਬ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ।
ਪਰਗਟ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਬਰਗਾੜੀ ਬੇਅਦਬੀ ਨਾਲ ਜੁੜੇ ਸਾਰੇ ਕੇਸ ਹੁਣ ਪੰਜਾਬ ਤੋਂ ਬਾਹਰ ਤਬਦੀਲ ਹੋ ਚੁੱਕੇ ਹਨ, ਜਿਸ ਨਾਲ ਪੀੜਤਾਂ ਨੂੰ ਇਨਸਾਫ਼ ਮਿਲਣ ਵਿੱਚ ਹੋਰ ਦੇਰੀ ਹੋ ਰਹੀ ਹੈ। ਕਾਂਗਰਸ ਵਿਧਾਇਕਾਂ ਨੇ ਸਰਕਾਰ ਤੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਪੂਰੀ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
