Homeਪੰਜਾਬਪੰਜਾਬ ਵਿੱਚ ਮੀਂਹ ਦੀ ਝੜੀ, ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼

ਪੰਜਾਬ ਵਿੱਚ ਮੀਂਹ ਦੀ ਝੜੀ, ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼

ਚੰਡੀਗੜ੍ਹ/ਮੁਹਾਲੀ, 22 ਜੁਲਾਈ,2026 (ਬਲਜੀਤ ਸਰਨਾ): ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੁਹਾਲੀ, ਪਠਾਨਕੋਟ ਸਮੇਤ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.6 ਡਿਗਰੀ ਦੀ ਕਮੀ ਆਈ ਹੈ ਅਤੇ ਹੁਣ ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ ਚੱਲ ਰਿਹਾ ਹੈ। ਪਠਾਨਕੋਟ ਵਿੱਚ ਰਾਤ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਦਕਿ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰੇ ਤੋਂ ਤੇਜ਼ ਬਾਰਿਸ਼ ਹੋ ਰਹੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ 22 ਜੁਲਾਈ ਲਈ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35.6 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਨ੍ਹਾਂ ਵਿੱਚੋਂ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿੱਚ ਮੀਂਹ ਲਈ ਦੋ ਮੁੱਖ ਮੌਸਮੀ ਪ੍ਰਣਾਲੀਆਂ ਸਰਗਰਮ ਹਨ। ਮਾਨਸੂਨ ਦੀ ਟਰੱਫ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ, ਜਿਸ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਨੇੜੇ ਬਣਿਆ ਉੱਪਰੀ ਹਵਾਈ ਚੱਕਰਵਾਤੀ ਘੇਰਾ ਨਮੀ ਵਾਲੀਆਂ ਹਵਾਵਾਂ ਨੂੰ ਪੰਜਾਬ ਵੱਲ ਖਿੱਚ ਰਿਹਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਨਾਲ ਹਨੇਰੀ, ਤੂਫ਼ਾਨ ਅਤੇ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿੱਚ ਮੀਂਹ ਦੀ ਤੀਬਰਤਾ ਘੱਟ ਸਕਦੀ ਹੈ, ਪਰ ਪੰਜਾਬ, ਹਰਿਆਣਾ ਅਤੇ ਦਿੱਲੀ ਵਰਗੇ ਮੈਦਾਨੀ ਖੇਤਰਾਂ ਵਿੱਚ ਮਾਨਸੂਨ ਹੋਰ ਸਰਗਰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 23 ਜੁਲਾਈ ਤੋਂ ਪੰਜਾਬ ਅਤੇ ਹਰਿਆਣਾ ਦੇ ਪੱਛਮੀ ਖੇਤਰਾਂ ਵਿੱਚ ਮੀਂਹ ਦੀ ਗਤੀਵਿਧੀ ਹੋਰ ਵਧ ਸਕਦੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments