Homeਪੰਜਾਬਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ 16 ਨਵੰਬਰ ਤੋਂ ਕਰਨਗੇ...

ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ 16 ਨਵੰਬਰ ਤੋਂ ਕਰਨਗੇ ਤਿੰਨ ਰੋਜ਼ਾ ਹੜਤਾਲ

Contractual employees of PRTC, PUNBUS and Punjab Roadways announce a three-day strike from November 16 over pending demands, warning of an indefinite strike if the government fails to act.

ਮੰਗਾਂ ਪੂਰੀਆਂ ਨਾ ਹੋਣ ’ਤੇ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ; ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕਰਨ ਦਾ ਵੀ ਐਲਾਨ

ਚੰਡੀਗੜ੍ਹ, 2 ਨਵੰਬਰ, 2026  (ਗੁਰਮੀਤ ਸਿੰਘ ਤੁੰਗ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ, ਜਿਸ ਵਿੱਚ 16 ਨਵੰਬਰ ਤੋਂ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਡਿਪੂਆਂ ਦੇ ਨੁਮਾਇੰਦਿਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਵੱਲੋਂ ਪਹਿਲਾਂ ਦਿੱਤੇ ਭਰੋਸਿਆਂ ਨੂੰ ਲਾਗੂ ਨਾ ਕਰਨ ਦੇ ਮਾਮਲੇ ’ਤੇ ਵਿਚਾਰ-ਵਟਾਂਦਰਾ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਦੱਸਿਆ ਕਿ 29 ਅਕਤੂਬਰ ਨੂੰ ਟਰਾਂਸਪੋਰਟ ਮੰਤਰੀ ਸਮੇਤ ਪਰਸੋਨਲ, ਵਿੱਤ ਅਤੇ ਗ੍ਰਹਿ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿਭਾਗੀ ਮੈਨੇਜਮੈਂਟ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਭਰੋਸੇ ਦਿੱਤੇ ਗਏ ਸਨ, ਪਰ ਉਨ੍ਹਾਂ ’ਤੇ ਅਜੇ ਤੱਕ ਅਮਲ ਨਹੀਂ ਹੋਇਆ।

ਯੂਨੀਅਨ ਆਗੂਆਂ ਮੁਤਾਬਕ ਸਰਕਾਰ ਨੇ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਵਿਸ ਰੂਲਜ਼ ਕੈਬਨਿਟ ਵਿੱਚ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸੇ ਤਰ੍ਹਾਂ 14 ਅਗਸਤ 2026 ਦੇ ਬਿੱਲ/ਐਕਟ ਅਨੁਸਾਰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਲਈ ਦੋ ਦਿਨਾਂ ਵਿੱਚ ਕਾਰਵਾਈ ਕਰਨ ਦੀ ਗੱਲ ਕਹੀ ਗਈ ਸੀ, ਪਰ ਯੂਨੀਅਨ ਦਾ ਦੋਸ਼ ਹੈ ਕਿ ਇਸ ਸਬੰਧੀ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਸੰਘਰਸ਼ ਦੌਰਾਨ ਮੁਲਾਜ਼ਮਾਂ ’ਤੇ ਦਰਜ ਪੁਲਿਸ ਕੇਸ ਰੱਦ ਕਰਨ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਕੰਟਰੈਕਟ ਵਿੱਚ ਸ਼ਾਮਲ ਕਰਨ ਦੇ ਮਾਮਲੇ ਵੀ ਵਿਚਾਰ ਅਧੀਨ ਹਨ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ ਅਤੇ ਜੋਧ ਸਿੰਘ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਵਿੱਚ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਐਲਾਨ ਕੀਤਾ ਕਿ 5 ਨਵੰਬਰ ਨੂੰ ਦਿੜ੍ਹਬਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 8 ਨਵੰਬਰ ਤੋਂ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 10 ਨਵੰਬਰ ਨੂੰ ਸੂਬੇ ਦੇ ਸਾਰੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਗਟਾਇਆ ਜਾਵੇਗਾ।

ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੇਕਰ ਇਸ ਦੌਰਾਨ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮੁਲਾਜ਼ਮ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ’ਤੇ ਜਾਣਗੇ। ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿਕੇ, ਬਲਜਿੰਦਰ ਸਿੰਘ ਅਤੇ ਜਲੋਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਹੁਣ ਸਰਕਾਰ ਦੇ ਭਰੋਸਿਆਂ ’ਤੇ ਹੋਰ ਇੰਤਜ਼ਾਰ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਸਰਕਾਰ ਤੋਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੇ ਹੁਕਮ ਜਾਰੀ ਕਰਨ, ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਤੋਂ ਪਾਸ ਕਰਵਾਉਣ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਐਲਾਨੇ ਗਏ ਪ੍ਰੋਗਰਾਮਾਂ ਤੋਂ ਪਹਿਲਾਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ। ਮੀਟਿੰਗ ਵਿੱਚ ਵੱਖ-ਵੱਖ ਡਿਪੂਆਂ ਦੇ ਆਗੂ ਅਤੇ ਕਮੇਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments