ਫ਼ਤਹਿਗੜ੍ਹ ਸਾਹਿਬ, 23 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਦਾਦੂਮਾਜਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਗੁਰਬੀਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ. ਗੁਰਬੀਰ ਸਿੰਘ ਨੇ ਕਿਹਾ ਕਿ ਨਸ਼ੇ ਇੱਕ ਗੰਭੀਰ ਸਮਾਜਿਕ ਸਮੱਸਿਆ ਹਨ, ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਅਤੇ ਸਮਾਜ ‘ਤੇ ਵੀ ਮਾੜਾ ਪ੍ਰਭਾਵ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣਾ ਧਿਆਨ ਪੜ੍ਹਾਈ ਅਤੇ ਖੇਡਾਂ ਵੱਲ ਕੇਂਦਰਿਤ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਹਿੰਦਰ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ।
ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਵੀ ਜ਼ਰੂਰੀ-ਐਸ.ਐਚ.ਓ. ਗੁਰਬੀਰ ਸਿੰਘ
Eradicating drugs needs community-wide support alongside police action: SHO Gurbir Singh
