1 ਨਵੰਬਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਕੁਰੂਕਸ਼ੇਤਰ ਦੌਰੇ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ, ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ
ਕੁਰੂਕਸ਼ੇਤਰ, 30 ਅਕਤੂਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਪੁਲਿਸ ਸੁਪਰਡੈਂਟ ਚੰਦਰ ਮੋਹਨ ਨਾਲ ਮਿਲ ਕੇ 1 ਨਵੰਬਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਪ੍ਰਸਤਾਵਿਤ ਕੁਰੂਕਸ਼ੇਤਰ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਸਮਾਗਮ ਸਥਾਨਾਂ ਦਾ ਨਿਰੀਖਣ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਤੋਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ, ਤਾਂ ਜੋ ਰਾਸ਼ਟਰਪਤੀ ਦਾ ਦੌਰਾ ਪੂਰੀ ਮਰਿਆਦਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕੇ। ਡੀਸੀ ਅਤੇ ਐੱਸਪੀ ਨੇ ਸਭ ਤੋਂ ਪਹਿਲਾਂ ਕੁਰੂਕਸ਼ੇਤਰ ਯੂਨੀਵਰਸਿਟੀ ਪਹੁੰਚ ਕੇ ਉੱਥੇ ਲਗਾਈ ਜਾਣ ਵਾਲੀ ਪ੍ਰਦਰਸ਼ਨੀ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਬੰਧਤ ਨੋਡਲ ਅਧਿਕਾਰੀ ਨੂੰ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਥੇ ਬੈਠਣ ਦੇ ਪ੍ਰਬੰਧ, ਗ੍ਰੀਨ ਰੂਮ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਬਾਰੇ ਸਬੰਧਤ ਨੋਡਲ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਉਪਰੰਤ ਡੀਸੀ ਗੁਰਕੁਲ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਦੇ ਪ੍ਰਸਤਾਵਿਤ ਪ੍ਰੋਗਰਾਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੁੱਖ ਪੰਡਾਲ, ਬੈਠਣ ਦੀ ਵਿਵਸਥਾ, ਪਾਰਕਿੰਗ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਮਹਿਮਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਯਕੀਨੀ ਬਣਾਏ ਜਾਣ। ਇਸ ਤੋਂ ਬਾਅਦ ਡੀਸੀ ਨੇ ਸ੍ਰੀ ਦੇਵੀਕੂਪ ਭਦਰਕਾਲੀ ਮੰਦਰ ਪਹੁੰਚ ਕੇ ਉੱਥੇ ਹੋਣ ਵਾਲੇ ਪ੍ਰਸਤਾਵਿਤ ਪ੍ਰੋਗਰਾਮ ਸਬੰਧੀ ਸੰਸਥਾ ਦੇ ਅਹੁਦੇਦਾਰਾਂ ਨਾਲ ਚਰਚਾ ਕੀਤੀ। ਉਨ੍ਹਾਂ ਨੇ ਮੰਦਰ ਕੰਪਲੈਕਸ ਵਿੱਚ ਲੋੜੀਂਦੇ ਪ੍ਰਬੰਧਾਂ, ਸੁਰੱਖਿਆ ਅਤੇ ਪ੍ਰੋਗਰਾਮ ਦੇ ਸੰਚਾਲਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡੀਸੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਕੁਰੂਕਸ਼ੇਤਰ ਦੌਰਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਕਿਸੇ ਵੀ ਪੱਧਰ ’ਤੇ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿਣ ਦੇਣ।
