ਮੋਗਾ, 24 ਜੂਨ 2026: (ਲਛਮਣ ਜੀਤ ਸਿੰਘ ਪੁਰਬਾ) :ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਆਉਣ ਵਾਲੀ 28, 29 ਅਤੇ 30 ਜੂਨ 2026 ਨੂੰ ਕਰਵਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ 0 ਤੋਂ 5 ਸਾਲ ਤੱਕ ਦੇ ਲਗਭਗ 88,541 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿੱਚ 354 ਪੋਲੀਓ ਬੂਥ ਬਣਾਏ ਗਏ ਹਨ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ 708 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ 5 ਸਾਲ ਤੱਕ ਦੇ ਹਰ ਬੱਚੇ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਵਾਉਣ ਤਾਂ ਜੋ ਦੇਸ਼ ਨੂੰ ਪੋਲੀਓ ਮੁਕਤ ਰੱਖਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੰਨੇ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।
ਡਾ. ਰਿਤੂ ਜੈਨ, ਡੀ.ਐਫ.ਡਬਲਯੂ.ਓ. ਕਮ ਜ਼ਿਲ੍ਹਾ ਟੀਕਾਕਰਨ ਅਫਸਰ ਮੋਗਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਪੱਧਰ ‘ਤੇ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀਚੇ ਅਨੁਸਾਰ ਹਰ ਬੱਚੇ ਤੱਕ ਪਹੁੰਚ ਕਰਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰ ਹਾਜ਼ਰ ਸਨ।
ਜਾਰੀ ਕਰਤਾ:
ਮਾਸ ਐਜੂਕੇਸ਼ਨ ਐਂਡ ਮੀਡੀਆ ਵਿੰਗ, ਮੋਗਾ
ਡੀ ਸੀ ਮੋਗਾ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ
A target has been set to administer polio drops to approximately 88,541 children aged 0 to 5 years in Moga district.








