ਕਿਹਾ— ਹੱਕਦਾਰਾਂ ਤੱਕ ਪੂਰਾ ਰਾਸ਼ਨ ਪਹੁੰਚਾਉਣਾ ਸਰਕਾਰ ਦੀ ਤਰਜੀਹ, ਦਬਾਅ ਜਾਂ ਧਰਨਿਆਂ ਨਾਲ ਨਹੀਂ ਰੁਕੇਗੀ ਮੁਹਿੰਮ
ਪਟਿਆਲਾ:4 ਜੁਲਾਈ (ਵਿਸ਼ਾਲ ਗੁਪਤਾ): ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਜਨ ਵੰਡ ਪ੍ਰਣਾਲੀ (ਪੀ.ਡੀ.ਐੱਸ.) ਵਿੱਚ ਪਾਰਦਰਸ਼ਤਾ ਲਿਆਉਣ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਫਲਾਇੰਗ ਸਕੁਐਡ ਦੇ ਗਠਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਲਿਖਤੀ ਪ੍ਰਸਤਾਵ ਭੇਜ ਕੇ ਰਾਸ਼ਨ ਵੰਡ ਦੀ ਪ੍ਰਭਾਵਸ਼ਾਲੀ ਨਿਗਰਾਨੀ ਕਰਨ ਦੀ ਅਪੀਲ ਕੀਤੀ।
ਪਟਿਆਲਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਪਰਿਵਾਰ ਤੱਕ ਸਰਕਾਰੀ ਰਾਸ਼ਨ ਬਿਨਾਂ ਕਿਸੇ ਗੜਬੜ ਅਤੇ ਕਟੌਤੀ ਦੇ ਪਹੁੰਚਾਉਣਾ ਹੈ। ਇਸ ਮੰਤਵ ਨੂੰ ਸਫਲ ਬਣਾਉਣ ਲਈ ਉਨ੍ਹਾਂ ਨੇ ਇੱਕ ਅਜਿਹਾ ਫਲਾਇੰਗ ਸਕੁਐਡ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ ਜੋ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ ਕਰੇ, ਮੌਕੇ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਯਕੀਨੀ ਬਣਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਹਿਲ ਦਾ ਮਕਸਦ ਇਮਾਨਦਾਰੀ ਨਾਲ ਕੰਮ ਕਰ ਰਹੇ ਡਿਪੂ ਹੋਲਡਰਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਉਨ੍ਹਾਂ ਲੋਕਾਂ ‘ਤੇ ਨਕੇਲ ਕੱਸਣਾ ਹੈ ਜੋ ਗਰੀਬਾਂ ਦੇ ਹੱਕਾਂ ਵਿੱਚ ਕਟੌਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਨਾਲ ਇਮਾਨਦਾਰ ਡਿਪੂ ਹੋਲਡਰਾਂ ਦਾ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ।
ਆਪਣੇ ਖ਼ਿਲਾਫ਼ ਹੋਏ ਧਰਨੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮਹਿਤਾ ਨੇ ਕਿਹਾ ਕਿ ਰਾਸ਼ਨ ਵੰਡ ਵਿੱਚ ਗੜਬੜੀਆਂ ਬਾਰੇ ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਵੀਡੀਓ ਤੋਂ ਬਾਅਦ ਕੁਝ ਲੋਕਾਂ ਨੂੰ ਅਸਹਿਜਤਾ ਮਹਿਸੂਸ ਹੋਈ, ਜਿਸ ਕਾਰਨ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਗਰੀਬਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਦੀ ਕੀਮਤ ਧਰਨੇ ਹਨ ਤਾਂ ਉਹ ਇਸ ਲਈ ਵੀ ਤਿਆਰ ਹਨ ਅਤੇ ਆਪਣੀ ਮੁਹਿੰਮ ਜਾਰੀ ਰੱਖਣਗੇ।
ਤੇਜਿੰਦਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਜਾਂ ਵਰਗ ਨਾਲ ਨਹੀਂ, ਸਗੋਂ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦੇ ਖ਼ਿਲਾਫ਼ ਹੈ। ਉਨ੍ਹਾਂ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਪ੍ਰਸਤਾਵ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਜਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗਾ।








