ਲੁਧਿਆਣਾ, 15 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਭਾਰਤੀ ਰਾਸ਼ਟਰਵਾਦੀ ਪਾਰਟੀ (ਬੀਆਰਪੀ) ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਇੰਚਾਰਜ ਸੁਖਮਿੰਦਰਪਾਲ ਸਿੰਘ ਗਰੇਵਾਲ ਭੁੱਖੜੀ ਕਲਾਂ ਨੇ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਅਫੀਮ ਦੀ ਕਾਨੂੰਨੀ ਅਤੇ ਸਰਕਾਰੀ ਨਿਗਰਾਨੀ ਹੇਠ ਨਿਯਮਤ ਖੇਤੀ ਸ਼ੁਰੂ ਕਰਨ ਦੀ ਮੰਗ ਦਾ ਸਮਰਥਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਲਗਾਤਾਰ ਵਧ ਰਹੀਆਂ ਖੇਤੀ ਲਾਗਤਾਂ, ਕਰਜ਼ੇ ਦੇ ਬੋਝ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਖੇਤੀਬਾੜੀ ਲਈ ਨਵੇਂ ਅਤੇ ਕਾਨੂੰਨੀ ਬਦਲ ਲੱਭਣ ਦੀ ਲੋੜ ਹੈ, ਤਾਂ ਜੋ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ ਅਤੇ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲ ਸਕੇ।
ਗਰੇਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਪਿੰਡ ਡਗਰੂ, ਤਹਿਸੀਲ ਮੋਗਾ-2 ਵਿਖੇ ਇਨਸਾਫ ਟੀਮ ਪੰਜਾਬ ਵੱਲੋਂ ਉਠਾਈ ਗਈ ਨਿਯਮਤ ਅਫੀਮ ਦੀ ਖੇਤੀ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਕਿਸੇ ਵੀ ਵਿਵਸਥਾ ਲਈ ਕੇਂਦਰੀ ਕਾਨੂੰਨਾਂ ਦੀ ਪਾਲਣਾ, ਲੋੜੀਂਦੀਆਂ ਕਾਨੂੰਨੀ ਮਨਜ਼ੂਰੀਆਂ, ਲਾਇਸੈਂਸ ਪ੍ਰਣਾਲੀ ਅਤੇ ਸਖ਼ਤ ਸਰਕਾਰੀ ਨਿਗਰਾਨੀ ਲਾਜ਼ਮੀ ਹੋਵੇਗੀ, ਤਾਂ ਜੋ ਪੈਦਾਵਾਰ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਬਿਆਨਾਂ ਅਤੇ ਸਿਆਸੀ ਨਾਅਰਿਆਂ ਤੱਕ ਸੀਮਤ ਨਹੀਂ ਰੱਖਣੀ ਚਾਹੀਦੀ। ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ, ਜਾਗਰੂਕਤਾ ਅਤੇ ਨਸ਼ਾ ਛੁਡਾਊ ਸਹੂਲਤਾਂ ਮੁਹੱਈਆ ਕਰਵਾਉਣੀਆਂ ਵੀ ਜ਼ਰੂਰੀ ਹਨ। ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਗਰੇਵਾਲ ਨੇ ਪਾਰਟੀ ਦੇ ਸਾਰੇ ਹਲਕਾ ਇੰਚਾਰਜਾਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ 15 ਨਵੰਬਰ ਦਿਨ ਐਤਵਾਰ ਸਵੇਰੇ 11 ਵਜੇ ਲੁਧਿਆਣਾ-ਫਿਰੋਜ਼ਪੁਰ ਰੋਡ, ਮੋਗਾ ਹਾਈਵੇਅ ਉੱਤੇ ਨਹਿਰ ਨੇੜੇ ਸਥਿਤ ਸਬਵੇਅ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ। ਉੱਥੋਂ ਉਨ੍ਹਾਂ ਦੀ ਅਗਵਾਈ ਹੇਠ ਸਾਰੇ ਵਰਕਰ ਪਿੰਡ ਡਗਰੂ ਵਿਖੇ ਕਿਸਾਨਾਂ ਦੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣਗੇ।
ਉਨ੍ਹਾਂ ਹਰੇਕ ਹਲਕਾ ਇੰਚਾਰਜ ਨੂੰ ਆਪਣੇ ਨਾਲ ਇੱਕ ਅਜਿਹਾ ਸਾਥੀ ਲਿਆਉਣ ਲਈ ਕਿਹਾ ਜੋ ਰੈਲੀ ਦੌਰਾਨ ਵੀਡੀਓ ਅਤੇ ਫੋਟੋਆਂ ਬਣਾਉਣ ਦਾ ਕੰਮ ਕਰ ਸਕੇ, ਤਾਂ ਜੋ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀ ਆਵਾਜ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਨਿੱਜੀ ਜਾਂ ਸਿਆਸੀ ਲਾਭ ਲਈ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਕੁਦਰਤੀ ਸਰੋਤਾਂ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ‘ਤੇ ਖੁਸ਼ਹਾਲ ਬਣਾਉਣ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਸਾਰੀਆਂ ਧਿਰਾਂ ਨੂੰ ਇਮਾਨਦਾਰੀ ਨਾਲ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ਿਆਂ ਵਿਰੁੱਧ ਆਪਣੇ ਸੀਸੀਡੀ ਮਿਸ਼ਨ ਤਹਿਤ ਕੰਮ ਕਰ ਰਹੀ ਹੈ। ਪਾਰਟੀ ਦਾ ਮਕਸਦ ਪਾਰਦਰਸ਼ੀ ਪ੍ਰਸ਼ਾਸਨ, ਕਿਸਾਨਾਂ ਨੂੰ ਇਨਸਾਫ਼ ਅਤੇ ਪੰਜਾਬ ਦੇ ਲੋਕਾਂ ਲਈ ਸੁਰੱਖਿਅਤ ਤੇ ਖੁਸ਼ਹਾਲ ਭਵਿੱਖ ਯਕੀਨੀ ਬਣਾਉਣਾ ਹੈ। ਅੰਤ ਵਿੱਚ ਉਨ੍ਹਾਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ, ਪਾਣੀ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
