Home ਪੰਜਾਬ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ...

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Deputy Commissioner Dr. Sona Thind Reviews Preparations for Second Phase of Census 2027

0

ਫਤਹਿਗੜ੍ਹ ਸਾਹਿਬ, 19 ਨਵੰਬਰ, 2026 (ਛਤਰਪਾਲ ਸਿੰਘ ) : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਵੱਖ ਵੱਖ ਵਿਭਾਗਾਂ ਦੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ  ਡਿਪਟੀ ਕਮਿਸ਼ਨਰ ਨੇ ਅਧਿਕਾਰੀ ਤੇ ਕਰਮਚਾਰੀਆਂ ਦੀ ਤਾਇਨਾਤੀ, ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ, ਗਣਨਾ ਬਲਾਕਾਂ ਦੀ ਬਣਤਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਸੈਂਸਜ਼ ਚਾਰਜ ਅਧੀਨ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ। ਉਹਨਾਂ ਕਿਹਾ ਕਿ ਜਨਗਣਨਾ ਦੇ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ੀਲਡ ਪੱਧਰ ’ਤੇ ਤਾਇਨਾਤ ਅਮਲੇ ਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਲੋੜ ਅਨੁਸਾਰ ਉਨ੍ਹਾਂ ਦੇ ਸ਼ੰਕਿਆਂ ਦਾ ਨਿਪਟਾਰਾ ਕਰਨ ਲਈ ਆਖਿਆ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਤੇ 30 ਨਵੰਬਰ, 2026 ਤੱਕ ਚੱਲਣ ਵਾਲੀ ਸਵੈ-ਗਣਨਾ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਮੇਂ, ਉਦੇਸ਼ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਆਮ ਲੋਕਾਂ ਤੱਕ ਸਰਲ ਅਤੇ ਸਪੱਸ਼ਟ ਭਾਸ਼ਾ ਵਿੱਚ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਆਪਕ ਪ੍ਰਚਾਰ ਲਈ ਉਪਲਬਧ ਸੰਚਾਰ ਸਾਧਨਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ। ਲੋਕ ਜਾਗਰੂਕਤਾ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੁਹਿੰਮ ਬਾਰੇ ਜਾਣਕਾਰੀ ਹਰ ਵਰਗ ਤੱਕ ਪਹੁੰਚੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸਮਤ ਵਿਜੈ ਸਿੰਘ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਐਸ ਡੀ ਐਮ ਖਮਾਣੋਂ ਅਭਿਮਨਿਊ ਮਲਿਕ, ਐਸ ਡੀ ਐਮ ਅਮਲੋਹ ਹਰਵੀਰ ਕੌਰ, ਸਮੂਹ ਸੈਂਸਸ ਚਾਰਜ ਅਫ਼ਸਰ, ਸਹਾਇਕ ਖੋਜ ਅਫਸਰ ਹਰਮਨਦੀਪ ਕੌਰ, ਜ਼ਿਲ੍ਹਾ ਕੋਆਰਡੀਨੇਟਰ ਚੰਨਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਹਾਜਰ ਸਨ।

Exit mobile version