Home ਪਟਿਆਲਾ ਅਪਡੇਟ ਸੜਕ ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਖ਼ਤ

ਸੜਕ ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਖ਼ਤ

Deputy Commissioner Directs Officials to Strengthen Road Safety Measures and Improve Traffic Management

0

ਪਟਿਆਲਾ, 14 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਿੱਚ ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਤ ਵਿਭਾਗਾਂ ਨੂੰ ਆਵਾਜਾਈ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬਲੈਕ ਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਬਡੂੰਗਰ-ਖ਼ਾਲਸਾ ਕਾਲਜ ਰੋਡ ’ਤੇ ਦਿਨ ਸਮੇਂ ਲੱਗਦੇ ਟ੍ਰੈਫਿਕ ਜਾਮ ਅਤੇ ਭੁਪਿੰਦਰਾ ਰੋਡ ’ਤੇ ਮਨੀਪਾਲ ਹਸਪਤਾਲ ਤੇ ਡੀ.ਏ.ਵੀ. ਸਕੂਲ ਨੇੜੇ ਆਵਾਜਾਈ ਵਿੱਚ ਆਉਂਦੀਆਂ ਰੁਕਾਵਟਾਂ ਦਾ ਖ਼ੁਦ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਦੋਵਾਂ ਥਾਵਾਂ ’ਤੇ ਟ੍ਰੈਫਿਕ ਸੁਚਾਰੂ ਬਣਾਉਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਹਫ਼ਤਿਆਂ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸ਼ਹਿਰੀ ਵਿਕਾਸ ਦੇ ਓਐੱਸਡੀ ਮੁਕਲਿਨ ਆਰ., ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਆਰਟੀਓ ਡਾ. ਪੂਨਮਪ੍ਰੀਤ ਕੌਰ, ਐੱਸ.ਪੀ. ਟ੍ਰੈਫਿਕ ਅਸ਼ੋਕ ਕੁਮਾਰ ਅਤੇ ਡੀ.ਐੱਸ.ਪੀ. ਟ੍ਰੈਫਿਕ ਪੁਨੀਤ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਖ਼ਾਲਸਾ ਕਾਲਜ ਦੇ ਸਾਹਮਣੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਵਿਦਿਆਰਥੀਆਂ ਦੇ ਵਾਹਨਾਂ ਦੀ ਪਾਰਕਿੰਗ ਨੂੰ ਸੁਚਾਰੂ ਬਣਾਉਣ ਲਈ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਨੂੰ ਸੜਕ ਦੇ ਕਿਨਾਰੇ ਪਈ ਕੱਚੀ ਜਗ੍ਹਾ ਨੂੰ ਟਾਈਲਾਂ ਲਗਾ ਕੇ ਪੱਕਾ ਕਰਨ ਅਤੇ ਬੇਤਰਤੀਬ ਪਾਰਕਿੰਗ ਰੋਕਣ ਲਈ ਪੀਲੀ ਪੱਟੀ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੜਕਾਂ ’ਤੇ ਖਾਣ-ਪੀਣ ਦੀਆਂ ਰੇਹੜੀਆਂ ਅਤੇ ਹੋਰ ਰੁਕਾਵਟਾਂ ਨੂੰ ਹਟਾਉਣ ਲਈ ਵੀ ਕਿਹਾ।

ਕਾਲਜ ਨੇੜੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਅਵਾਰਾਗਰਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਲਜ ਤੋਂ ਬਾਹਰਲੇ ਨੌਜਵਾਨਾਂ ਵੱਲੋਂ ਉੱਥੇ ਇਕੱਠੇ ਹੋ ਕੇ ਰੀਲਾਂ ਬਣਾਉਣ ਵਰਗੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇ ਅਤੇ ਲੋੜ ਪੈਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਐੱਸ.ਪੀ. ਨਾਲ ਅਚਨਚੇਤ ਚੈਕਿੰਗ ਵੀ ਕਰ ਸਕਦੇ ਹਨ। ਇਸੇ ਤਰ੍ਹਾਂ ਭੁਪਿੰਦਰਾ ਰੋਡ ’ਤੇ ਡੀ.ਏ.ਵੀ. ਸਕੂਲ ਦੇ ਸਾਹਮਣੇ ਅਤੇ ਮਨੀਪਾਲ ਹਸਪਤਾਲ ਨੇੜਲੇ ਚੌਂਕ ਵਿੱਚ ਟ੍ਰੈਫਿਕ ਜਾਮ ਅਤੇ ਗ਼ਲਤ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਵੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਸਕੂਲ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨਾਲ ਤਾਲਮੇਲ ਕਰਕੇ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਇਸ ਖੇਤਰ ਨੂੰ ਨੋ-ਪਾਰਕਿੰਗ ਜ਼ੋਨ ਬਣਾਉਣ ਅਤੇ ਸੜਕ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲ ਦੇ ਸਾਹਮਣੇ ਵਾਲੀ ਸੜਕ ’ਤੇ ਦੁਪਹਿਰ 1:30 ਤੋਂ 3:30 ਵਜੇ ਤੱਕ ਛੁੱਟੀ ਦੇ ਸਮੇਂ ਦੋ ਹਫ਼ਤਿਆਂ ਲਈ ਵਨ-ਵੇ ਟ੍ਰੈਫਿਕ ਵਿਵਸਥਾ ਅਜ਼ਮਾਇਸ਼ ਵਜੋਂ ਲਾਗੂ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਸੁਰੱਖਿਅਤ ਆਵਾਜਾਈ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਪਰ ਬੱਸ ਵਿੱਚ ਬੱਚਿਆਂ ਦੇ ਬੈਠੇ ਹੋਣ ਸਮੇਂ ਬੱਸ ਰੋਕ ਕੇ ਚੈਕਿੰਗ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਐੱਸ.ਡੀ.ਐੱਮਜ਼ ਨੂੰ ਆਪੋ-ਆਪਣੀਆਂ ਸਬ-ਡਵੀਜ਼ਨਾਂ ਵਿੱਚ ਸ਼ਹਿਰਾਂ ਦੀਆਂ ਅੰਦਰੂਨੀ ਅਤੇ ਪਿੰਡਾਂ ਦੀਆਂ ਸੜਕਾਂ ਦਾ ਨਿਰੀਖਣ ਕਰਕੇ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਲੋੜੀਂਦੀ ਮੁਰੰਮਤ ਕਰਵਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵਿਭਾਗ ਜਾਂ ਏਜੰਸੀ ਦੀ ਅਣਗਹਿਲੀ ਕਾਰਨ ਹਾਦਸਾ ਵਾਪਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਜਾਂ ਏਜੰਸੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਬੈਠਕ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸਮੂਹ ਐੱਸ.ਡੀ.ਐੱਮਜ਼ ਅਤੇ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ, ਪੰਜਾਬ ਮੰਡੀ ਬੋਰਡ, ਨਗਰ ਨਿਗਮ, ਪੀ.ਡੀ.ਏ., ਜੰਗਲਾਤ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Exit mobile version