37 ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਪਲੇਠੀ ਮੀਟਿੰਗ
ਪਟਿਆਲਾ, 23 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਅੱਜ ਸੀਐਮਡੀ ਗੁਰਕੀਰਤ ਕਿਰਪਾਲ ਸਿੰਘ, ਆਈ.ਏ.ਐੱਸ., ਵੱਲੋਂ ਡਾਇਰੈਕਟਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਲਗਭਗ 37 ਜਥੇਬੰਦੀਆਂ ਦੇ ਆਗੂਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਸੀਐਮਡੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਜਥੇਬੰਦੀਆਂ ਨਾਲ ਇਹ ਪਹਿਲੀ ਮੀਟਿੰਗ ਸੀ, ਜੋ ਸ਼ਾਂਤੀਪੂਰਨ ਅਤੇ ਸੁਹਿਰਦ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ, ਸਮੱਸਿਆਵਾਂ ਅਤੇ ਲੰਬਿਤ ਮਾਮਲਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਆਗੂਆਂ ਵੱਲੋਂ ਖ਼ਾਸ ਤੌਰ ’ਤੇ ਤਰੱਕੀਆਂ (ਪ੍ਰਮੋਸ਼ਨਾਂ) ਨਾਲ ਸਬੰਧਤ ਮੰਗਾਂ ਦੇ ਜਲਦ ਨਿਪਟਾਰੇ ਦੀ ਮੰਗ ਰੱਖੀ ਗਈ। ਇਸ ਮੌਕੇ ਸੀਐਮਡੀ ਨੇ ਕਿਹਾ ਕਿ ਉਨ੍ਹਾਂ ਦੇ ਤਜਰਬੇ ਮੁਤਾਬਕ ਜਥੇਬੰਦੀਆਂ ਅਤੇ ਮੈਨੇਜਮੈਂਟ ਵਿਚਕਾਰ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਅੰਤਰ ਰਹਿਣਾ ਸੁਭਾਵਿਕ ਹੈ, ਪਰ ਉਨ੍ਹਾਂ ਦੀ ਕੋਸ਼ਿਸ਼ ਹਮੇਸ਼ਾ ਇਹ ਰਹੇਗੀ ਕਿ ਕਿਸੇ ਵੀ ਮਸਲੇ ਨੂੰ ਸੰਘਰਸ਼ ਜਾਂ ਅੰਦੋਲਨ ਦੀ ਨੌਬਤ ਆਉਣ ਤੋਂ ਪਹਿਲਾਂ ਗੱਲਬਾਤ ਦੀ ਮੇਜ਼ ’ਤੇ ਵਿਚਾਰ-ਵਟਾਂਦਰੇ ਰਾਹੀਂ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਸਲੇ ਦਾ ਹੱਲ ਬਿਨਾਂ ਸੰਘਰਸ਼ ਦੇ ਮੁਲਾਜ਼ਮਾਂ ਦੇ ਹਿੱਤ ਵਿੱਚ ਕੀਤਾ ਜਾ ਸਕਦਾ ਹੈ ਤਾਂ ਉਸ ਦੀ ਖੁਸ਼ੀ ਹੀ ਵੱਖਰੀ ਹੁੰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਣਗੇ, ਜਦਕਿ ਜਿਹੜੇ ਮਸਲੇ ਸਰਕਾਰ ਦੇ ਪੱਧਰ ’ਤੇ ਨਿਪਟਾਰੇ ਦੀ ਮੰਗ ਕਰਦੇ ਹਨ, ਉਨ੍ਹਾਂ ਨੂੰ ਉਹ ਖ਼ੁਦ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਸੀਐਮਡੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਤਰੱਕੀਆਂ ਨਾਲ ਜੁੜੀਆਂ ਮੰਗਾਂ ਅਤੇ ਹੋਰ ਲੰਬਿਤ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੂੰ ਆਪਣੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੱਲਬਾਤ ਦਾ ਰਾਹ ਖੁੱਲ੍ਹਾ ਰਹਿਣਾ ਅਤੇ ਮਸਲਿਆਂ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨਾ ਇੱਕ ਸਕਾਰਾਤਮਕ ਕਦਮ ਹੈ।
