ਫੁਕੇਟ, 16 ਨਵੰਬਰ, 2026 (ਹਰਸ਼ਪ੍ਰੀਤ ਕੌਰ) : ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਕੇਂਦਰ ਫੁਕੇਟ ਦੇ ਪਾਟੋਂਗ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ 11 ਲੋਕਾਂ ਦੀ ਜਾਨ ਚਲੀ ਗਈ, ਜਦਕਿ 36 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਅੱਗ ਦੀਆਂ ਲਪਟਾਂ ਨੇ ਇੰਨੀ ਤੇਜ਼ੀ ਨਾਲ ਇਮਾਰਤ ਨੂੰ ਆਪਣੀ ਲਪੇਟ ਵਿੱਚ ਲਿਆ ਕਿ ਆਸ-ਪਾਸ ਦੀਆਂ ਇਮਾਰਤਾਂ ਵੀ ਪ੍ਰਭਾਵਿਤ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ ਕਰੀਬ 3:20 ਵਜੇ ਫਾਂਗ ਮੁਆਂਗ ਸਾਈ ਕੋਰ ਰੋਡ ’ਤੇ ਸਥਿਤ ਇੱਕ ਵਪਾਰਕ ਇਮਾਰਤ ਵਿੱਚ ਲੱਗੀ। ਇੱਥੇ ਵਾਹਨ ਕਿਰਾਏ ’ਤੇ ਦੇਣ ਦਾ ਕਾਰੋਬਾਰ ਚੱਲਦਾ ਸੀ। ਅੱਗ ਲੱਗਣ ਤੋਂ ਬਾਅਦ ਕੁਝ ਹੀ ਸਮੇਂ ਵਿੱਚ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਨੇੜਲੀਆਂ ਇਮਾਰਤਾਂ ਤੱਕ ਫੈਲ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਅੱਗ ਦੀ ਤੀਬਰਤਾ ਅਤੇ ਤੇਜ਼ੀ ਨਾਲ ਫੈਲ ਰਹੇ ਧੂੰਏਂ ਕਾਰਨ ਰਾਹਤ ਕਾਰਜਾਂ ਵਿੱਚ ਕਾਫ਼ੀ ਮੁਸ਼ਕਲਾਂ ਆਈਆਂ। ਫਾਇਰ ਕਰਮਚਾਰੀਆਂ ਨੇ ਲਗਾਤਾਰ ਕੋਸ਼ਿਸ਼ਾਂ ਕਰਦਿਆਂ ਕਰੀਬ 40 ਤੋਂ 50 ਮਿੰਟਾਂ ਵਿੱਚ ਅੱਗ ’ਤੇ ਕਾਬੂ ਪਾਇਆ।
ਇਸ ਹਾਦਸੇ ਵਿੱਚ ਜ਼ਖ਼ਮੀ ਹੋਏ 36 ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੌਤਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਨੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਅਤੇ ਸਬੰਧਤ ਜਾਂਚ ਏਜੰਸੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਫੁਕੇਟ ਦਾ ਪਾਟੋਂਗ ਇਲਾਕਾ ਦੁਨੀਆ ਭਰ ਦੇ ਸੈਲਾਨੀਆਂ ਵਿੱਚ ਕਾਫ਼ੀ ਪ੍ਰਸਿੱਧ ਹੈ। ਅਜਿਹੇ ਭੀੜ-ਭੜੱਕੇ ਵਾਲੇ ਸੈਰ-ਸਪਾਟਾ ਖੇਤਰ ਵਿੱਚ ਵਾਪਰੇ ਇਸ ਹਾਦਸੇ ਨੇ ਇਮਾਰਤਾਂ ਵਿੱਚ ਅੱਗ ਤੋਂ ਬਚਾਅ ਦੇ ਪ੍ਰਬੰਧਾਂ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।





