ਸੰਤ ਕਬੀਰ ਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਬੇਹੱਦ ਪ੍ਰਸੰਗਿਕ-ਰਣਬੀਰ ਗੰਗਵਾ
ਹਰਿਆਣਾ, 27 ਜੂਨ:(ਸੰਜੀਵ ਸ਼ਰਮਾ): ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਹਿਸਾਰ ਦੇ ਢਾਣੀ ਗਾਰਣ (ਹੰਸ ਨਗਰ) ਵਿੱਚ ਸੰਤ ਸ਼੍ਰੋਮਣੀ ਕਬੀਰ ਦਾਸ ਜੀ ਦੀ ਜਯੰਤੀ ਮੌਕੇ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਈ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੰਦਿਆਂ ਬੀਸੀ ਚੌਪਾਲ ਵਿੱਚ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈੱਡ ਅਤੇ ਹਾਲ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।
ਆਪਣੇ ਸੰਬੋਧਨ ਦੌਰਾਨ ਮੰਤਰੀ ਗੰਗਵਾ ਨੇ ਸੰਤ ਕਬੀਰ ਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮਾਜ ਲਈ ਬੇਹੱਦ ਪ੍ਰਸੰਗਿਕ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਹਾਂਪੁਰਸ਼ਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਿੱਖਿਆ ਰਾਹੀਂ ਆਪਣਾ ਭਵਿੱਖ ਸੰਵਾਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਮਹਾਂਪੁਰਸ਼ਾਂ ਦੀਆਂ ਜਯੰਤੀਆਂ ਸਰਕਾਰੀ ਪੱਧਰ ‘ਤੇ ਮਨਾਕੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਦਾ ਯਤਨ ਕਰ ਰਹੀ ਹੈ।
ਰਣਬੀਰ ਗੰਗਵਾ ਨੇ ਦੱਸਿਆ ਕਿ ਬਰਵਾਲਾ ਵਿਧਾਨ ਸਭਾ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਢਾਣੀ ਗਾਰਣ ਵਿੱਚ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਸੀਵਰੇਜ ਲਾਈਨ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਖੇਤਰ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸਟੀਪੀ) ਵੀ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੌਪਾਲ ਦੇ ਪੌਂਡਿੰਗ ਕਾਰਜ ਪੂਰੇ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਨੇੜਲੇ ਪਿੰਡ ਢਾਣੀ ਖਾਨ ਬਹਾਦਰ ਲਈ ਵੱਖਰੇ ਵਾਟਰ ਵਰਕਸ ਨੂੰ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਖੇਤਰ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਮਜ਼ਬੂਤ ਹੋਵੇਗੀ।
ਸਮਾਗਮ ਤੋਂ ਬਾਅਦ ਮੰਤਰੀ ਨੇ ਪਿੰਡ ਦੇ ਵਾਟਰ ਵਰਕਸ ਦਾ ਨਿਰੀਖਣ ਕਰਕੇ ਪਾਣੀ ਦੀ ਸਪਲਾਈ ਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੇਂਡੂਆਂ ਨੂੰ ਸਾਫ਼ ਅਤੇ ਯਥੋਚਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੱਖ-ਰਖਾਅ ਨਾਲ ਜੁੜੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਮੰਤਰੀ ਗੰਗਵਾ ਨੇ ਕਿਹਾ ਕਿ ਰਾਜ ਸਰਕਾਰ ਦੀ ਪਹਿਲ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਅਤੇ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣਾ ਹੈ। ਉਨ੍ਹਾਂ ਨੇ ਸਮਾਗਮ ਦੇ ਅੰਤ ਵਿੱਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਾ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।








