Home ਪੰਜਾਬ ਪਿੰਡ ਦਿਆਲਗੜ੍ਹ ਜੇਜੀਆਂ ‘ਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰੀਬ 3 ਕਰੋੜ...

ਪਿੰਡ ਦਿਆਲਗੜ੍ਹ ਜੇਜੀਆਂ ‘ਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ: ਹਰਪਾਲ ਸਿੰਘ ਚੀਮਾ

₹3 Crore Development Works Completed in Dayalgarh Jejiyan

0
ਦਿੜ੍ਹਬਾ, 1 ਸਤੰਬਰ, 2026 (ਦੀਪਕ ਦੱਤਾ) :  ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਿੰਡ ਦਿਆਲਗੜ੍ਹ ਜੇਜੀਆਂ ਵਿੱਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਅੱਜ ਪਿੰਡ ਦਾ ਦੌਰਾ ਕਰਦਿਆਂ 1.44 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਭਵਨ, ਦੋ ਸੜਕਾਂ ਅਤੇ ਇੱਕ ਗਲੀ ਦਾ ਉਦਘਾਟਨ ਕੀਤਾ ਅਤੇ ਇਸ ਤੋਂ ਇਲਾਵਾ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਦੇ ਚੈੱਕ ਗ੍ਰਾਮ ਪੰਚਾਇਤ ਨੂੰ ਸੌਂਪੇ। ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਦਿਆਲਗੜ੍ਹ ਜੇਜੀਆਂ ਵਿੱਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣਾ ਸਰਕਾਰ ਦੀ ਪਿੰਡਾਂ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੜਕਾਂ, ਪੰਚਾਇਤ ਭਵਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰੋਜ਼ਾਨਾ ਜੀਵਨ ਨਾਲ ਜੁੜੀਆਂ ਬਿਹਤਰ ਸਹੂਲਤਾਂ ਆਪਣੇ ਪਿੰਡ ਵਿੱਚ ਹੀ ਉਪਲਬਧ ਹੋ ਸਕਣ।
ਵਿੱਤ ਮੰਤਰੀ ਨੇ ਕਿਹਾ ਕਿ 1.44 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਪੰਚਾਇਤ ਭਵਨ ਅਤੇ ਬਣੀਆਂ ਸੜਕਾਂ ਤੇ ਗਲੀ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਮਿਆਰੀ ਸੜਕਾਂ ਨਾਲ ਆਵਾਜਾਈ ਸੁਖਾਲੀ ਹੋਣ ਦੇ ਨਾਲ-ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ, ਜਦਕਿ ਪੰਚਾਇਤ ਭਵਨ ਪਿੰਡ ਦੇ ਪ੍ਰਸ਼ਾਸਨਿਕ ਅਤੇ ਸਾਂਝੇ ਕੰਮਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਦਿੱਤੇ ਗਏ 35 ਲੱਖ ਰੁਪਏ ਦੇ ਚੈੱਕ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਫੰਡ ਲੋਕਾਂ ਦੀਆਂ ਤਰਜੀਹਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਹੱਈਆ ਕਰਵਾਏ ਜਾ ਰਹੇ ਹਨ। ਐਡਵੋਕੇਟ ਚੀਮਾ ਨੇ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ ਅਤੇ ਸਰਕਾਰ ਵੱਲੋਂ ਇਸੇ ਸੋਚ ਨਾਲ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲੋਕਾਂ ਵੱਲੋਂ ਸਾਹਮਣੇ ਲਿਆਂਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸਰਪੰਚ ਅਮਰਜੀਤ ਕੌਰ ਸ਼ੇਰਗਿੱਲ ਜੇਜੀ, ਲਖਵਿੰਦਰ ਸਿੰਘ ਜੇਜੀ ਸਮੇਤ ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਪਤਵੰਤੇ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Exit mobile version