Homeਪੰਜਾਬਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

PAU-Krishi Vigyan Kendra Organises a District-Level Awareness Camp on Crop Residue Management to Educate Farmers About Sustainable Farming Practices and Alternatives to Stubble Burning.

150 ਤੋਂ ਵੱਧ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਕੀਤਾ ਜਾਗਰੂਕ – ਡਾ ਮਨਦੀਪ ਸਿੰਘ
ਸੁਨਾਮ, 10 ਅਕਤੂਬਰ, 2026 (ਛਤਰਪਾਲ ਸਿੰਘ) : ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਛਾਜਲੀ, ਬਲਾਕ ਸੁਨਾਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾ, ਛਾਜਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।  ਉਨ੍ਹਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ।  ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਕਈ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਵਧਦਾ ਹੈ, ਮਿੱਟੀ ਉਪਜਾਊ ਬਣਦੀ ਹੈ, ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦਾ ਝਾੜ ਵਧਦਾ ਹੈ।
ਡਾ. ਮਨਦੀਪ ਸਿੰਘ ਨੇ ਕਣਕ ਦੀ ਨਵੀਂ ਵੱਧ ਝਾੜ ਵਾਲੀ ਕਿਸਮ *ਪੀ.ਬੀ.ਡਬਲਯੂ. 887* ਬਾਰੇ ਵੀ ਜਾਣਕਾਰੀ ਦਿੱਤੀ, ਜੋ ਪੱਕਣ ਲਈ 155 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਉਨ੍ਹਾਂ ਪੀ.ਬੀ.ਡਬਲਯੂ. 872, ਪੀ.ਬੀ.ਡਬਲਯੂ. 826 ਅਤੇ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਪੀ.ਬੀ.ਡਬਲਯੂ. ਜ਼ਿੰਕ 2, ਪੀ.ਬੀ.ਡਬਲਯੂ. 1 ਚਪਾਤੀ, ਪੀ.ਬੀ.ਡਬਲਯੂ. ਆਰ.ਐਸ. 1 ਅਤੇ ਪੀ.ਬੀ.ਡਬਲਯੂ. 1 ਬਿਸਕੁਟ ਬਾਰੇ ਵੀ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਦਾਲਾਂ, ਤੇਲਬੀਜ ਫ਼ਸਲਾਂ ਬੀਜਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਪੀ.ਏ.ਯੂ. ਵੱਲੋਂ ਵਿਕਸਤ ਮਸ਼ੀਨਾਂ – ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਪਲਟਾਊ ਹਲ, ਮਲਚਰ ਅਤੇ ਬੇਲਰ ਨਾਲ ਗੱਠਾਂ ਬਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ‘ਤੇ ਜ਼ੋਰ ਦਿੱਤਾ।
ਸ੍ਰ ਨਰਿੰਦਰਪਾਲ ਸਿੰਘ ਚੀਮਾ, ਖੇਤੀਬਾੜੀ ਵਿਕਾਸ ਅਫ਼ਸਰ, ਸੁਨਾਮ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਅਤੇ ਇਸ ਦੀ ਲੋੜ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗੋਭੀ ਸਰ੍ਹੋਂ ਦੇ ਬੀਜ ਅਤੇ ਖੇਤੀ ਸਾਹਿਤ ਵੰਡਿਆ ਗਿਆ।  ਇਸ ਮੌਕੇ ਸਹਿਕਾਰੀ ਸਭਾ ਦੇ ਪ੍ਰਧਾਨ, ਸਕੱਤਰ ਅਤੇ ਪਿੰਡ ਦੇ ਸਰਪੰਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments