ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਕਰਵਾਇਆ ਜਾਣੂ
ਫਤਹਿਗੜ੍ਹ ਸਾਹਿਬ, 09 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਹ ਜਾਣਕਾਰੀ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਕਣਕ ਵਿੱਚ ਆਉਣ ਵਾਲੀ ਗੁਲਾਬੀ ਸੁੰਡੀ ਪ੍ਰਤੀ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ। ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਵਿਗਿਆਨਕ ਤਰੀਕਿਆਂ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਦੱਸਿਆ। ਇਸ ਮੌਕੇ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ), ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਲ (ਪਸ਼ੂ ਵਿਗਿਆਨ) ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
