ਫ਼ਤਹਿਗੜ੍ਹ ਸਾਹਿਬ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਵਿਦਿਆਰਥੀਆਂ ਦੀਆਂ ਸਿਰਜਣਾਤਮਕ ਅਤੇ ਸੁਹਜਾਤਮਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਲੋਂ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾਤਮਕ ਅਤੇ ਸਾਹਿਤਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਵਿੱਚ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਪਹਿਲਾ, ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਜਸਪਿੰਦਰ ਸਿੰਘ ਨੇ ਦੂਜਾ ਅਤੇ ਇਸੇ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾੜ੍ਹੀ ਕਲਾਂ ਦੀ ਵਿਦਿਆਰਥਣ ਸਵਨੀਤ ਕੌਰ ਨੇ ਪਹਿਲਾ, ਜੀਸਸ ਸੇਵੀਅਰਜ਼ ਸਕੂਲ, ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਹਰਲੀਨ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮਾਧੋਪੁਰ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬੱਸੀ ਪਠਾਣਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ, ਐੱਸ.ਐੱਨ.ਏ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਦੀ ਵਿਦਿਆਰਥਣ ਸਿਮਰਨ ਮਿੱਤਲ ਨੇ ਦੂਜਾ ਅਤੇ ਬੀ.ਜੇ.ਐੱਸ.ਐੱਫ.ਐੱਸ. ਸੀਨੀਅਰ ਸੈਕੰਡਰੀ ਸਕੂਲ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਮੁਹੰਮਦ ਆਬਿਦ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਲੇਖ ਰਚਨਾ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲਾ ਬਜਵਾੜਾ ਦੀ ਵਿਦਿਆਰਥਣ ਤਮੰਨਾ ਨੇ ਪਹਿਲਾ, ਜੀਸਸ ਸੇਵੀਅਰਜ਼ ਸਕੂਲ ਦੇ ਵਿਦਿਆਰਥੀ ਸਮਰਪ੍ਰੀਤ ਸਿੰਘ ਨੇ ਦੂਜਾ ਅਤੇ ਸੇਂਟ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਹਰੇਕ ਵਰਗ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਨਾਲ-ਨਾਲ ਭਾਸ਼ਾ ਵਿਭਾਗ ਵੱਲੋਂ ਜਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ, ਡਾ. ਸਿਕੰਦਰ ਸਿੰਘ, ਸ੍ਰੀ ਸੰਤ ਸਿੰਘ ਸੋਹਲ, ਡਾ. ਕੁਲਦੀਪ ਸਿੰਘ ਦੀਪ, ਸ੍ਰੀ ਹਰਪਾਲ ਸਿੰਘ ਬਰੌਂਗਾ, ਸ੍ਰੀ ਜਸਵੀਰ ਸਿੰਘ ਕੰਗਣਵਾਲ, ਸ੍ਰੀ ਅੰਮ੍ਰਿਤਪਾਲ ਸਿੰਘ, ਸ੍ਰੀ ਮਨ ਸਾਹਿਰ ਅਤੇ ਸ੍ਰੀਮਤੀ ਮਨਿੰਦਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
