ਚੰਡੀਗੜ੍ਹ, 4 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਮਹਿੰਗਾਈ ਭੱਤੇ (ਡੀਏ) ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਡੀਏ ਦੀ ਲੰਬਿਤ 3 ਫ਼ੀਸਦੀ ਕਿਸ਼ਤ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਤੇ ਭਲਾਈ ਸਕੀਮਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਫ਼ੈਸਲੇ ਨਾਲ ਮੁਲਾਜ਼ਮਾਂ ਦਾ ਮਨੋਬਲ ਵਧੇਗਾ ਅਤੇ ਉਹ ਪੰਜਾਬ ਦੇ ਵਿਕਾਸ ਲਈ ਹੋਰ ਸਮਰਪਣ ਨਾਲ ਕੰਮ ਕਰਨਗੇ।
