Home ਪਟਿਆਲਾ ਅਪਡੇਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ, ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ, ਪਟਿਆਲਾ ਦੇ 86 ਪਿੰਡਾਂ ਤੱਕ ਪਹੁੰਚਿਆ ਸੰਦੇਸ਼

0

ਪਟਿਆਲਾ, 20 ਜੁਲਾਈ2026(ਛਤਰਪਾਲ ਸਿੰਘ):ਪਟਿਆਲਾ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਦੇ 86 ਪਿੰਡਾਂ ਵਿੱਚ ਇਸ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਇਹ 30 ਮਿੰਟ ਦੀ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ‘ਤੇ ਆਧਾਰਿਤ ਹੈ। ਵਿਸ਼ੇਸ਼ ਵੈਨਾਂ ਰਾਹੀਂ ਇਹ ਫ਼ਿਲਮ ਰੋਜ਼ਾਨਾ ਕਰੀਬ 8 ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਡਾਕੂਮੈਂਟਰੀ ਨਾਭਾ, ਸਮਾਣਾ, ਸਨੌਰ ਅਤੇ ਰਾਜਪੁਰਾ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਰਹੀ ਹੈ, ਜਿੱਥੇ ਲੋਕ ਵੱਡੀ ਗਿਣਤੀ ਵਿੱਚ ਇਸ ਨੂੰ ਦੇਖ ਰਹੇ ਹਨ। ਪਿੰਡ ਵਾਸੀ ਗੁਰੂ ਜੀ ਦੇ ਸਮਾਨਤਾ, ਸਮਾਜਿਕ ਨਿਆਂ, ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਲੈ ਰਹੇ ਹਨ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਜੀ ਦੇ ਮਹਾਨ ਸੰਦੇਸ਼ ਤੋਂ ਜਾਣੂ ਹੋ ਸਕਣ।

ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ।

Exit mobile version