ਚੰਡੀਗੜ੍ਹ, 17 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਇਹ ਸ਼ਿਕਾਇਤ 16 ਸਤੰਬਰ ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਦਾਇਰ ਕੀਤੀ ਗਈ। ਸ਼ਿਕਾਇਤ ਵਿੱਚ ਭਾਰਤੀ ਨਿਆਂ ਸੰਹਿਤਾ (BNS), 2023 ਦੀ ਧਾਰਾ 356 ਤਹਿਤ ਕਥਿਤ ਅਪਰਾਧ ਕਰਨ ਦੇ ਦੋਸ਼ ਲਗਾਏ ਗਏ ਹਨ। ਸ਼ਿਕਾਇਤ ਮੁਤਾਬਕ ਬਿਕਰਮ ਸਿੰਘ ਮਜੀਠੀਆ ਵੱਲੋਂ ਡਾ. ਗੁਰਪ੍ਰੀਤ ਕੌਰ ’ਤੇ ਗੰਭੀਰ ਦੋਸ਼ ਲਗਾਏ ਗਏ ਅਤੇ ਕਥਿਤ ਤੌਰ ’ਤੇ ਇਹ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਵਿਅਕਤੀ ਨੂੰ ਸਰਕਾਰੀ ਤੰਤਰ ਤੋਂ ਸੁਰੱਖਿਆ ਦਿਵਾਉਣ ਲਈ ਪੈਸਿਆਂ ਦੀ ਮੰਗ ਕੀਤੀ।
ਡਾ. ਗੁਰਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਮਜੀਠੀਆ ਵੱਲੋਂ ਕੁਝ ਆਡੀਓ ਰਿਕਾਰਡਿੰਗਾਂ, ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਵੀ ਜਨਤਕ ਕੀਤੇ ਗਏ ਅਤੇ ਇਨ੍ਹਾਂ ਨੂੰ ਕਥਿਤ ਵਿੱਤੀ ਲੈਣ-ਦੇਣ ਨਾਲ ਜੋੜ ਕੇ ਪੇਸ਼ ਕੀਤਾ ਗਿਆ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਤਿੰਨਾਂ ਆਗੂਆਂ ਦੇ ਬਿਆਨਾਂ ਰਾਹੀਂ ਉਸ ਨੂੰ ਅਜਿਹੇ ਵਿਅਕਤੀ ਵਜੋਂ ਪੇਸ਼ ਕੀਤਾ ਗਿਆ ਜੋ ਪੈਸਿਆਂ ਦੇ ਬਦਲੇ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਮਦਦ ਕਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜਿਹੇ ਬਿਆਨਾਂ ਅਤੇ ਸਮੱਗਰੀ ਕਾਰਨ ਉਨ੍ਹਾਂ ਦੀ ਸਮਾਜਿਕ ਛਵੀ, ਨਿੱਜੀ ਪਹਿਚਾਣ ਅਤੇ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਡਾ. ਗੁਰਪ੍ਰੀਤ ਕੌਰ ਨੇ ਅਦਾਲਤ ਤੋਂ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ’ਤੇ ਅੰਤਿਮ ਨਿਰਣਾ ਅਦਾਲਤੀ ਕਾਰਵਾਈ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਹੋਵੇਗਾ।
