ਅਮਲੋਹ/ਫਤਹਿਗੜ੍ਹ ਸਾਹਿਬ, 10 ਸਤੰਬਰ, 2026 ( ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਵਿੱਚ 15 ਸਤੰਬਰ 2026 ਨੂੰ ਅਨਾਜ ਮੰਡੀ ਅਮਲੋਹ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਐਸ.ਡੀ ਐਮ. ਅਮਲੋਹ ਹਰਵੀਰ ਕੌਰ ਨੇ ਦੱਸਿਆ ਕਿ ਲਗਭਗ 500 ਡਰੋਨ ਇੱਕੋ ਸਮੇਂ ਅਸਮਾਨ ਵਿੱਚ ਉੱਡ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉੱਤੇ ਅਧਾਰਿਤ ਆਕਰਸ਼ਕ ਪੇਸ਼ਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸ਼ੋਅ 15 ਸਤੰਬਰ ਨੂੰ ਸ਼ਾਮ 06.00 ਵਜੇ ਆਰੰਭ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬ ਦੇ ਭਾਈਚਾਰਕ ਸਾਂਝ, ਸਮਾਨਤਾ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ।
ਐਸ.ਡੀ.ਐਮ. ਨੇ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਸੁਰੱਖਿਆ, ਆਵਾਜਾਈ ਪ੍ਰਬੰਧਾਂ ਅਤੇ ਵਾਹਨਾਂ ਦੀ ਪਾਰਕਿੰਗ , ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਬੈਠਣ ਵਿਵਸਥਾ, ਅਨਾਜ ਮੰਡੀ ਦੀ ਸਾਫ ਸਫਾਈ, ਬਿਜਲੀ ਦੀ ਨਿਰਵਿਘਨ ਸਪਲਾਈ ਆਦਿ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਡਰੋਨ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਰਵਿਦਾਸ ਮਹਾਰਾਜ ਦੀ ਜੀਵਨੀ ਤੋਂ ਸਿੱਖਿਆ ਲੈਣ।







