ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਵਿੱਚ 500 ਡਰੋਨ ਦੇਣਗੇ ਪੇਸ਼ਕਾਰੀ
ਐਸ ਡੀ ਐਮ ਨੇ ਲੋਕਾਂ ਨੂੰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਡਰੋਨ ਸ਼ੋਅ ਦੇਖਣ ਦੀ ਕੀਤੀ ਅਪੀਲ
ਫ਼ਤਿਹਗੜ੍ਹ ਸਾਹਿਬ, 13 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ, ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਵਿਸ਼ੇਸ਼ ਡਰੋਨ ਸ਼ੋ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ 14 ਸਤੰਬਰ ਦਿਨ ਸੋਮਵਾਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਹੋਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਸਬੰਧੀ ਅੱਜ ਐਸ ਡੀ ਐਮ ਸ੍ਰੀ ਕਰੁਣ ਗੁਪਤਾ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਐਸ ਡੀ ਐਮ ਸ੍ਰੀ ਕਰੁਣ ਗੁਪਤਾ ਨੇ ਦੱਸਿਆ ਕਿ ਲਗਭਗ 500 ਡਰੋਨ ਇੱਕੋ ਸਮੇਂ ਅਸਮਾਨ ਵਿੱਚ ਉੱਡ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉੱਤੇ ਅਧਾਰਿਤ ਆਕਰਸ਼ਕ ਪੇਸ਼ਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸ਼ੋਅ 14 ਸਤੰਬਰ ਨੂੰ ਸ਼ਾਮ 06 ਵਜੇ ਆਰੰਭ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬ ਦੇ ਭਾਈਚਾਰਕ ਸਾਂਝ, ਸਮਾਨਤਾ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ।
ਐਸ ਡੀ ਐਮ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ ਪ੍ਰਬੰਧਾਂ ਅਤੇ ਵਾਹਨਾਂ ਦੀ ਪਾਰਕਿੰਗ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੋਅ ਦੇਖਣ ਲਈ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਬੈਠਣ ਵਿਵਸਥਾ, ਮੈਡੀਕਲ ਸੁਵਿਧਾ,ਅਨਾਜ ਮੰਡੀ ਦੀ ਸਾਫ ਸਫਾਈ, ਬਿਜਲੀ ਦੀ ਨਿਰਵਿਘਨ ਸਪਲਾਈ ਆਦਿ ਦੇ ਨਿਰਦੇਸ਼ ਵੀ ਦਿੱਤੇ।







