ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ, ਨਸ਼ੇ ਦਾ ਕਾਰੋਬਾਰ ਛੱਡਣ ਜਾਂ ਹਰਿਆਣਾ ਛੱਡਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ : ਸੈਣੀ
ਸਿਰਸਾ, 22 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਹਰਿਆਣਾ ਉਦੈ’ ਪ੍ਰੋਗਰਾਮ ਤਹਿਤ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿਖੇ ਕਰਵਾਈ ਗਈ ਵਿਸ਼ਾਲ ‘ਨਸ਼ਾ ਮੁਕਤ ਹਰਿਆਣਾ’ ਮੈਰਾਥਨ ਦੇ 5, 10 ਅਤੇ 21 ਕਿਲੋਮੀਟਰ ਦੌੜ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਦਾ ਅਧਿਕਾਰ ਨਹੀਂ ਹੈ। ਅਜਿਹੇ ਲੋਕ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਹਰਿਆਣਾ ਛੱਡ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਸ਼ਾ ਕਾਰੋਬਾਰੀਆਂ ਦੀਆਂ ਲਗਭਗ 94 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।

ਨਸ਼ਾ ਛੁਡਾਊ ਕੇਂਦਰਾਂ ਅਤੇ ਸਵੈ–ਸਹਾਇਤਾ ਸਮੂਹਾਂ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਨੇ ਦੱਸਿਆ ਕਿ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਲੱਖਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ। ਉਨ੍ਹਾਂ ਔਰਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾ ਰਹੀਆਂ ਹਨ। ਸਥਾਨਕ ਔਰਤਾਂ ਵੱਲੋਂ ਮੁੱਖ ਮੰਤਰੀ ਨੂੰ ਦਹੀਂ ਖੁਆਉਣ ਦੇ ਸੰਦਰਭ ਵਿੱਚ ਉਨ੍ਹਾਂ ਇਸ ਨੂੰ ਹਰਿਆਣਾ ਦੀ ‘ਦੁੱਧ-ਦਹੀਂ ਦੇ ਖਾਣੇ’ ਵਾਲੀ ਅਮੀਰ ਪਰੰਪਰਾ ਨਾਲ ਜੋੜਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਪੌਸ਼ਟਿਕ ਖੁਰਾਕ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਮਾਂ ਦੇਣ ਅਤੇ ਜੇਕਰ ਬੱਚੇ ਗਲਤ ਸੰਗਤ ਵਿੱਚ ਪੈ ਜਾਣ ਤਾਂ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਬਜਾਏ ਉਨ੍ਹਾਂ ਦੇ ਦੋਸਤ ਬਣ ਕੇ ਨਸ਼ੇ ਦੀ ਆਦਤ ਛੁਡਵਾਉਣ ਵਿੱਚ ਮਦਦ ਕਰਨ।
ਸਿਰਸਾ ਦੇ ਕਿੰਨੂ ਨੂੰ GI ਟੈਗ ਮਿਲਣ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਨੇ ਸਿਰਸਾ ਦੇ ਕਿੰਨੂ ਨੂੰ GI ਟੈਗ ਮਿਲਣ ‘ਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਿੰਨੂ ਪ੍ਰੋਸੈਸਿੰਗ ਪਲਾਂਟ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਵਾਰ ਬੰਪਰ ਫ਼ਸਲ ਹੋਣ ਅਤੇ ਚੰਗੇ ਭਾਅ ਮਿਲਣ ਕਾਰਨ ਕਿਸਾਨਾਂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦੇ ਵਾਅਦੇ ਮਜ਼ਾਕ ਬਣ ਕੇ ਰਹਿ ਗਏ ਹਨ ਅਤੇ ਪੰਜ ਸਾਲ ਸਿਰਫ਼ ਬਿਆਨਬਾਜ਼ੀ ਵਿੱਚ ਹੀ ਲੰਘ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਯਤਨ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਉੱਥੇ ਡਰ ਦਾ ਮਾਹੌਲ ਹੈ ਅਤੇ ਸ਼ਿਕਾਇਤ ਲੈ ਕੇ ਜਾਣ ਵਾਲੇ ਲੋਕਾਂ ਦੀ ਸ਼ਿਕਾਇਤ ਦਰਜ ਕਰਨ ਦੀ ਬਜਾਏ ਉਨ੍ਹਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਲਦੀ ਜਾਰੀ ਕੀਤੀ ਹੈ ਤਾਂ ਜੋ ਪਾਰਟੀ ਦੇ ਉਮੀਦਵਾਰ ਇੱਧਰ-ਉੱਧਰ ਨਾ ਹੋ ਜਾਣ ਜਾਂ ਪਾਰਟੀ ਛੱਡ ਕੇ ਨਾ ਚਲੇ ਜਾਣ। ਸੈਣੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਔਰਤਾਂ, ਵਪਾਰੀਆਂ ਅਤੇ ਉਦਯੋਗਾਂ ਵਿੱਚ ਕੋਈ ਕਮੀ ਨਹੀਂ ਹੈ, ਸਗੋਂ ਕਮੀ ਸਰਕਾਰ ਦੀ ਸਿਆਸੀ ਇੱਛਾ-ਸ਼ਕਤੀ ਅਤੇ ਨੀਅਤ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਝੂਠੇ ਵਾਅਦਿਆਂ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਗੇ।
ਵਿਕਸਿਤ ਭਾਰਤ 2047 ਵਿੱਚ ਹਰਿਆਣਾ ਨਿਭਾਏਗਾ ਅਹਿਮ ਭੂਮਿਕਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ 2047’ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਹਰਿਆਣਾ ਅਹਿਮ ਭੂਮਿਕਾ ਨਿਭਾਏਗਾ ਅਤੇ ਦੇਸ਼ ਦੇ ਵਿਕਾਸ ਦਾ ਗ੍ਰੋਥ ਇੰਜਣ ਬਣੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਉੱਥੇ ਵੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ।