Homeਪੰਜਾਬਐਤਵਾਰ ਦੀ ਛੁੱਟੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਡੀਟੀਐੱਫ ਦਾ ਰੋਸ, ਮੋਗਾ...

ਐਤਵਾਰ ਦੀ ਛੁੱਟੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਡੀਟੀਐੱਫ ਦਾ ਰੋਸ, ਮੋਗਾ ਦੇ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ

Teachers' leaders claim—summoning teachers to school on Sundays is an attack on their fundamental rights; the agitation will intensify further.

ਅਧਿਆਪਕ ਆਗੂਆਂ ਦਾ ਦਾਅਵਾ—ਐਤਵਾਰ ਨੂੰ ਸਕੂਲ ਬੁਲਾਉਣਾ ਅਧਿਆਪਕਾਂ ਦੇ ਬੁਨਿਆਦੀ ਹੱਕਾਂ ‘ਤੇ ਹਮਲਾ, ਸੰਘਰਸ਼ ਹੋਵੇਗਾ ਹੋਰ ਤੇਜ਼

ਮੋਗਾ, 14 ਜੁਲਾਈ: (ਲਛਮਣ ਜੀਤ ਸਿੰਘ ਪੁਰਬਾ) : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਮੋਗਾ ਵੱਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਅਧਿਆਪਕਾਂ ਨੂੰ ਸਕੂਲ ਬੁਲਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਇਸ ਮੌਕੇ ਡੀਟੀਐੱਫ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਕਾਰਜਕਾਰੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਮਹਿੰਗਾਈ ਭੱਤੇ, ਪੁਰਾਣੀ ਪੈਨਸ਼ਨ, ਪੇ-ਸਕੇਲਾਂ ਅਤੇ ਹੋਰ ਭੱਤਿਆਂ ਸਬੰਧੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਹੁਣ ਐਤਵਾਰ ਨੂੰ ਜ਼ਬਰੀ ਸਕੂਲ ਬੁਲਾ ਕੇ ਅਧਿਆਪਕਾਂ ਦੇ ਬੁਨਿਆਦੀ ਅਧਿਕਾਰਾਂ ‘ਤੇ ਵੀ ਸੱਟ ਮਾਰੀ ਜਾ ਰਹੀ ਹੈ।

ਅਧਿਆਪਕ ਆਗੂਆਂ ਨੇ ਦੋਸ਼ ਲਗਾਇਆ ਕਿ ਐਤਵਾਰ ਨੂੰ ਜ਼ਿਆਦਾਤਰ ਅਧਿਆਪਕਾਂ ਲਈ ਸਕੂਲ ਵਿੱਚ ਕੋਈ ਅਕਾਦਮਿਕ ਕੰਮ ਨਹੀਂ ਸੀ, ਫਿਰ ਵੀ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਇਸ ਨੂੰ ਪ੍ਰਸ਼ਾਸਨਿਕ ਨਾਕਾਮੀ ਅਤੇ ਅਧਿਆਪਕ ਵਰਗ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਾ ਕਦਮ ਕਰਾਰ ਦਿੱਤਾ।

ਡੀਟੀਐੱਫ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦਾ ਮੁੱਖ ਕੰਮ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਹੈ, ਨਾ ਕਿ ਗੈਰ-ਅਕਾਦਮਿਕ ਕੰਮਾਂ ਅਤੇ ਅੰਕੜੇ ਇਕੱਠੇ ਕਰਨ ਵਿੱਚ ਲਗਾਉਣਾ। ਉਨ੍ਹਾਂ ਸਰਕਾਰ ਨੂੰ ਆਪਣੇ ਸਿੱਖਿਆ ਸੁਧਾਰਾਂ ਵਾਲੇ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਅਧਿਆਪਕਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਅਧਿਆਪਕ ਆਗੂਆਂ ਨੇ ਸਮੂਹ ਅਧਿਆਪਕ ਭਾਈਚਾਰੇ ਨੂੰ ਏਕਤਾ ਬਣਾਈ ਰੱਖਣ ਅਤੇ ਜਥੇਬੰਦੀ ਦੇ ਸੱਦੇ ‘ਤੇ ਹਰ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ।

ਇਸ ਮੌਕੇ ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਨਰਿੰਦਰ ਸਿੰਘ, ਦੀਪਕ ਮਿੱਤਲ, ਨਵਦੀਪ ਸਿੰਘ ਧੂੜਕੋਟ, ਸੁਖਜੀਤ ਸਿੰਘ ਕੁੱਸਾ, ਅਮਰਜੀਤ ਕੌਰ ਪੱਤੋ, ਲਖਵੀਰ ਕੌਰ ਬੁਰਜ, ਗੁਰਜੀਤ ਸਿੰਘ, ਰਮਨ ਸ਼ਾਰਦਾ, ਅਮਰਦੀਪ ਗਰਚਾ, ਰਾਜੇਸ਼ ਗਰਗ ਸਮੇਤ ਕਈ ਅਧਿਆਪਕ ਆਗੂ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments