ਚੰਡੀਗੜ੍ਹ, 9 ਜੁਲਾਈ (ਜਤਿੰਦਰ ਗਰਗ): ਪੰਜਾਬ ਸਰਕਾਰ ਨੇ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਇਸ ਤਹਿਤ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (CHRI) ਦੇ ਸਹਿਯੋਗ ਨਾਲ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਜਾਂਚ ਉਪਕਰਨ ਸਥਾਪਤ ਕੀਤੇ ਜਾਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਹੋਏ ਸਮਝੌਤੇ ਦਾ ਮਕਸਦ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਲੋਕਾਂ ਤੱਕ ਬਿਹਤਰ ਅਤੇ ਤੇਜ਼ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਸ਼ੁਰੂਆਤੀ ਪੜਾਅ ਵਿੱਚ ਚੁਣੇ ਗਏ ਤਿੰਨ ਜ਼ਿਲ੍ਹਿਆਂ ਵਿੱਚ AI-ਸਮਰੱਥ ਈਸੀਜੀ ਮਸ਼ੀਨਾਂ ਅਤੇ ਡਿਜੀਟਲ ਸਟੈਥੋਸਕੋਪ ਮੁਹੱਈਆ ਕਰਵਾਏ ਜਾਣਗੇ।
ਇਹ ਉਪਕਰਨ ਦਿਲ ਅਤੇ ਸਾਹ ਨਾਲ ਸੰਬੰਧਿਤ ਬਿਮਾਰੀਆਂ ਦੀ ਛੇਤੀ ਪਛਾਣ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਖ਼ਾਸ ਤੌਰ ‘ਤੇ ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਲਈ ਇਹ ਤਕਨਾਲੋਜੀ ਸ਼ੁਰੂਆਤੀ ਪੱਧਰ ‘ਤੇ ਬਿਮਾਰੀਆਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ।
ਇਸ ਯੋਜਨਾ ਤਹਿਤ ਸਿਹਤ ਕਰਮਚਾਰੀਆਂ ਨੂੰ ਵਿਸ਼ੇਸ਼ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਨਵੀਂ ਤਕਨਾਲੋਜੀ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕਣ। ਸਰਕਾਰ ਦਾ ਮੰਨਣਾ ਹੈ ਕਿ ਇਸ ਪਹਿਲ ਨਾਲ ਸਿਹਤ ਜਾਂਚ ਦੀ ਗੁਣਵੱਤਾ ਅਤੇ ਰਫ਼ਤਾਰ ਦੋਵਾਂ ਵਿੱਚ ਸੁਧਾਰ ਆਵੇਗਾ।
ਸਿਹਤ ਵਿਭਾਗ ਅਨੁਸਾਰ ਇਹ ਪ੍ਰੋਜੈਕਟ ਪੰਜਾਬ ਨੂੰ ਤਕਨਾਲੋਜੀ-ਆਧਾਰਿਤ ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।








