ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਦਫ਼ਤਰ ’ਚ ਪੇਸ਼ ਹੋਣ ਦੇ ਨਿਰਦੇਸ਼; ਕਰੀਬ 40 ਹੋਰ ਅਧਿਕਾਰੀ ਵੀ ਜਾਂਚ ਦੇ ਘੇਰੇ ’ਚ ਆਉਣ ਦੀ ਸੰਭਾਵਨਾ
ਚੰਡੀਗੜ੍ਹ, 28 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਪੁਲਿਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (DIG) ਐਚ.ਐਸ. ਭੁੱਲਰ ਨਾਲ ਜੁੜੇ ਕਥਿਤ ਰਿਸ਼ਵਤਖੋਰੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਪਣੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀ ਨੇ ਪੰਜਾਬ ਦੇ ਚਾਰ ਸੀਨੀਅਰ IPS ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।ਸੰਮਨ ਕੀਤੇ ਗਏ ਅਧਿਕਾਰੀਆਂ ਵਿੱਚ ਕ੍ਰਿਸ਼ਨ ਕੁਮਾਰ, ਰਾਮਵੀਰ, ਵਰੁਣ ਰੂਜਮ ਅਤੇ ਅਭਿਨਵ ਤ੍ਰਿਖਾ ਦੇ ਨਾਮ ਸ਼ਾਮਲ ਹਨ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਦੌਰਾਨ ED ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਾਂਚ ਏਜੰਸੀ ਇਸ ਮਾਮਲੇ ਵਿੱਚ ਮੁਅੱਤਲ DIG ਐਚ.ਐਸ. ਭੁੱਲਰ ਅਤੇ ਉਸ ਦੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀ ਹੈ। ਇਸੇ ਮਾਮਲੇ ਵਿੱਚ ਮੋਗਾ ਦੇ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਪਿਤਾ ਅਤੇ ਭਰਾ ਵੀ ED ਦੇ ਚੰਡੀਗੜ੍ਹ ਦਫ਼ਤਰ ਵਿੱਚ ਪੇਸ਼ ਹੋਏ। ਦੋਵਾਂ ਤੋਂ ਕਰੀਬ ਚਾਰ ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਸੂਤਰਾਂ ਅਨੁਸਾਰ, ਜਾਂਚ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ’ਤੇ ਆਉਣ ਵਾਲੇ ਦਿਨਾਂ ਵਿੱਚ ਲਗਭਗ 40 ਹੋਰ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਸਾਬਕਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਵੀ ਪੁੱਛਗਿੱਛ
ਇਸ ਜਾਂਚ ਦੇ ਸਬੰਧ ਵਿੱਚ 2009 ਬੈਚ ਦੇ IPS ਅਧਿਕਾਰੀ ਅਤੇ ਲੁਧਿਆਣਾ ਦੇ ਸਾਬਕਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ED ਦੇ ਚੰਡੀਗੜ੍ਹ ਦਫ਼ਤਰ ਪਹੁੰਚੇ। ਏਜੰਸੀ ਵੱਲੋਂ ਉਨ੍ਹਾਂ ਤੋਂ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਅਤੇ ਮੁੱਖ ਮੰਤਰੀ ਨਾਲ ਸਬੰਧਤ ਕੁਝ ਮਾਮਲਿਆਂ ਬਾਰੇ ਸਵਾਲ ਕੀਤੇ ਗਏ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨਾਲ ਸਬੰਧਤ ਕਥਿਤ ਜਾਅਲੀ ਫੋਰੈਂਸਿਕ ਅਤੇ ਸਾਈਬਰ ਵਿਸ਼ਲੇਸ਼ਣ ਰਿਪੋਰਟ ਬਾਰੇ ਵੀ ਪੁੱਛਗਿੱਛ ਕੀਤੀ ਗਈ। ਸਵਪਨ ਸ਼ਰਮਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ। ED ਦੀ ਇਸ ਕਾਰਵਾਈ ਨਾਲ ਪੰਜਾਬ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹੁਣ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਅਗਲੀ ਕਾਰਵਾਈ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।






