ਪਾਣੀਪਤ, 19 ਅਗਸਤ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਮੰਗਲਵਾਰ ਨੂੰ ਪਾਣੀਪਤ ਦੇ ਨਿਜ਼ਾਮਪੁਰ ਪਿੰਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਨੇ ਪੂਰੇ ਸਕੂਲ ਪਰਿਸਰ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਸਕੂਲ ਪਰਿਸਰ ਵਿੱਚ ਸਫ਼ਾਈ ਦੇ ਉੱਚ ਮਾਪਦੰਡ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਸਕੂਲ ਦੇ ਨਿਰੀਖਣ ਤੋਂ ਬਾਅਦ ਸਿੱਖਿਆ ਮੰਤਰੀ ਨੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਅਤੇ ਕਲਾਸਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਦੇ ਪੱਧਰ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਹਰ ਬੱਚਾ ਆਪਣੀ ਸਮਰੱਥਾ ਅਨੁਸਾਰ ਬਿਹਤਰ ਪ੍ਰਦਰਸ਼ਨ ਕਰ ਸਕੇ। ਨਿਰੀਖਣ ਦੌਰਾਨ ਸ੍ਰੀ ਮਹੀਪਾਲ ਢਾਂਡਾ ਨੇ ਵੱਖ-ਵੱਖ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਵੀ ਕੀਤਾ। ਉਨ੍ਹਾਂ ਬੱਚਿਆਂ ਤੋਂ ਉਨ੍ਹਾਂ ਦੀ ਪੜ੍ਹਾਈ, ਉਪਲਬਧ ਸਹੂਲਤਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਸਵਾਲ ਪੁੱਛੇ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਨ ਅਤੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ।
ਸਿੱਖਿਆ ਮੰਤਰੀ ਨੇ ਸਕੂਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਪਖਾਨਿਆਂ ਦੀ ਸਫ਼ਾਈ ਅਤੇ ਪੜ੍ਹਾਈ-ਲਿਖਾਈ ਨਾਲ ਸਬੰਧਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਰੁਸਤ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਦੀਆਂ ਸਹੂਲਤਾਂ ਜਾਂ ਸਿੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਹਰ ਬੱਚੇ ਨੂੰ ਆਸਾਨੀ ਨਾਲ ਉਪਲਬਧ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣ ਸਕਣ।






