Home ਪੰਜਾਬ ਐਸ.ਆਈ.ਆਰ.-2026 ਤਹਿਤ ਹਰ ਯੋਗ ਨਾਗਰਿਕ ਦੀ ਵੋਟ ਦਰਜ ਕਰਨ ਦੇ ਨਾਲ ਤਰੁੱਟੀ-ਰਹਿਤ...

ਐਸ.ਆਈ.ਆਰ.-2026 ਤਹਿਤ ਹਰ ਯੋਗ ਨਾਗਰਿਕ ਦੀ ਵੋਟ ਦਰਜ ਕਰਨ ਦੇ ਨਾਲ ਤਰੁੱਟੀ-ਰਹਿਤ ਵੋਟਰ ਸੂਚੀਆਂ ਯਕੀਨੀ ਬਣਾਈਆਂ ਜਾਣ: ਰੋਲ ਆਬਜ਼ਰਵਰ ਵਰਿੰਦਰ ਕੁਮਾਰ ਸ਼ਰਮਾ

SIR-2026 to Ensure Error-Free Voter Lists and Universal Vote Registration

0
ਸੰਗਰੂਰ, 6 ਸਤੰਬਰ, 2026 (ਰਾਜੇਸ਼ ਕੁਮਾਰ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਐਸ.ਆਈ.ਆਰ.-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਯੁਕਤ ਇਲੈਕਟੋਰਲ ਰੋਲ ਆਬਜ਼ਰਵਰ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਆਪਣੀ ਪਹਿਲੀ ਜ਼ਿਲ੍ਹਾ ਫੇਰੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ, ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100-ਦਿੜ੍ਹਬਾ, 101-ਸੁਨਾਮ, 107-ਧੂਰੀ ਅਤੇ 108-ਸੰਗਰੂਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਰੋਲ ਆਬਜ਼ਰਵਰ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਵਰਿੰਦਰ ਕੁਮਾਰ ਸ਼ਰਮਾ ਨੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਐਸ.ਆਈ.ਆਰ. ਦਾ ਮੂਲ ਮਨੋਰਥ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ 13 ਅਗਸਤ ਤੋਂ ਫਾਰਮ-6, 6ਏ, 7 ਅਤੇ 8 ਪ੍ਰਾਪਤ ਕੀਤੇ ਜਾ ਰਹੇ ਹਨ। 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਨਵੀਂ ਵੋਟ ਬਣਵਾਉਣ ਦੇ ਯੋਗ ਨਾਗਰਿਕ 12 ਸਤੰਬਰ ਤੱਕ ਫਾਰਮ-6 ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਐਨ.ਆਰ.ਆਈ. ਵੋਟਰਾਂ ਲਈ ਫਾਰਮ-6ਏ, ਨਾਮ ਕਟਵਾਉਣ ਲਈ ਫਾਰਮ-7 ਅਤੇ ਵੋਟਰ ਸੂਚੀ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ-8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਸੇਵਾਵਾਂ voters.eci.gov.in ਅਤੇ ECINET ਮੋਬਾਈਲ ਐਪ ਰਾਹੀਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੇਵਾਵਾਂ ਜਾਂ ਐਸ.ਆਈ.ਆਰ. ਸਬੰਧੀ ਜਾਣਕਾਰੀ ਲਈ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
 ਇਸ ਉਪਰੰਤ ਰੋਲ ਆਬਜ਼ਰਵਰ ਨੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ ਕੁਝ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਬੀ.ਐਲ.ਓਜ਼ ਅਤੇ ਵੋਟਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਐਸ.ਆਈ.ਆਰ.-2026 ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ, ਚੋਣ ਤਹਿਸੀਲਦਾਰ ਪਰਮਜੀਤ ਕੌਰ ਸਮੇਤ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Exit mobile version