ਫਤਹਿਗੜ੍ਹ ਸਾਹਿਬ, 12 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਜ਼ਿਲ੍ਹਾ ਪੱਧਰੀ ਮੁਫ਼ਤ ਹੈਲਥ ਐਂਡ ਮੈਡੀਕਲ ਕੈਂਪ ਦੌਰਾਨ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਵਿਧਾਇਕ ਰਾਏ ਨੇ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਭਲਾਈ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਦੇ ਅੱਖਾਂ ਦੇ ਚੈੱਕਅੱਪ, ਜਨਰਲ ਸਿਹਤ ਜਾਂਚ, ਹੱਡੀਆਂ ਦੀ ਜਾਂਚ ਅਤੇ ਕੰਨ, ਨੱਕ ਤੇ ਗਲੇ ਦੀ ਜਾਂਚ ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਸਬੰਧੀ ਸਹੂਲਤਾਂ ਦੇ ਨਾਲ-ਨਾਲ ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਲੋੜਵੰਦਾਂ ਨੂੰ ਐਨਕਾ ਵੀ ਵੰਡੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ,ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਜੋਬਨਦੀਪ ਕੌਰ, ਐਸ ਐਮ ਓ ਜਸਪ੍ਰੀਤ ਸਿੰਘ ਬੇਦੀ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਹਾਜਰ ਸਨ।







